ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਇਸ ਸਮੇਂ ਖਤਰਨਾਕ ਕੋਰੋਨਾਵਾਇਰਸ ਦਾ ਪੀਕ ਦੌਰ ਚੱਲ ਰਿਹਾ ਹੈ। ਸਤੰਬਰ ਮਹੀਨੇ ਦੌਰਾਨ ਮਹਾਮਾਰੀ ਦੀ ਰਫਤਾਰ ਹੋਰ ਤੇਜ਼ ਹੋ ਗਈ ਹੈ। ਬੀਤੇ ਦਿਨ ਭਾਵ ਐਤਵਾਰ ਨੂੰ ਪੁਲਿਸ ਕਮਿਸ਼ਨਰੇਟ ਦਫਤਰ ‘ਚ ਤਾਇਨਾਤ ਏ.ਸੀ.ਪੀ ਐਂਟੀ ਨਾਰਕੋਟਿਕਸ ਸੈੱਲ ਸਮੇਤ ਜ਼ਿਲ੍ਹੇ ਦੇ 338 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 307 ਜ਼ਿਲ੍ਹੇ ਦੇ ਅਤੇ ਬਾਕੀ 31 ਹੋਰ ਜ਼ਿਲ੍ਹਿਆਂ ਦੇ ਹਨ। ਇਸ ਦੇ ਨਾਲ ਹੀ 19 ਮਰੀਜ਼ਾਂ ਨੇ ਦਮ ਤੋੜਿਆ ਸੀ, ਜਿਨ੍ਹਾਂ ‘ਚੋਂ 13 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ। ਦੱਸ ਦੇਈਏ ਕਿ ਜ਼ਿਲ੍ਹੇ ‘ਚ 80 ਫੀਸਦੀ ਭਾਵ 9472 ਲੋਕ ਠੀਕ ਵੀ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 11784 ਕੋਰੋਨਾ ਪੀੜਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 499 ਲੋਕ ਦਮ ਤੋੜ ਚੁੱਕੇ ਹਨ। ਇਸ ਦੇ ਨਾਲ ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਲੁਧਿਆਣਾ ‘ਚ ਬਾਹਰੀ ਜ਼ਿਲ੍ਹਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 1266 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 123 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ ਕੁੱਲ 129540 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 127972 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 114922 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1568 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ।