Ludhiana new DC: ਬੀਤੇ ਦਿਨੀਂ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤੋਂ ਬਾਅਦ ਵਰਿੰਦਰ ਸ਼ਰਮਾ ਨੇ ਲੁਧਿਆਣਾ ਵਿੱਚ ਸੋਮਵਾਰ ਨੂੰ ਨਵੇਂ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਦੀਪ ਕੁਮਾਰ ਅਗਰਵਾਲ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸੀ। ਦਰਅਸਲ 2009 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵਰਿੰਦਰ ਸ਼ਰਮਾ ਇਸ ਤੋਂ ਪਹਿਲਾਂ ਜ਼ਿਲ੍ਹਾ ਜਲੰਧਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਵਰਿੰਦਰ ਸ਼ਰਮਾ ਬਠਿੰਡਾ ਵਿਕਾਸ ਅਥਾਰਿਟੀ ਦੇ ਮੁੱਖ ਪ੍ਰਸ਼ਾਸਕ ਸਮੇਤ ਹੋਰ ਪ੍ਰਸ਼ਾਸਨਿਕ ਅਹੁਦਿਆਂ ‘ਤੇ ਰਹਿ ਚੁੱਕੇ ਹਨ।
ਇਸ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਉਹ ਪਰਦੀਪ ਕੁਮਾਰ ਅਗਰਵਾਲ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੋਰੋਨਾਵਾਇਰਸ, ਟ੍ਰੈਫਿਕ, ਵਾਤਾਵਰਣ, ਸਿਹਤ ਸਿੱਖਿਆ, ਔਰਤਾਂ, ਬੱਚਿਆਂ ਦੀ ਸੁਰੱਖਿਆ ਸਮੇਤ ਹੋਰ ਖੇਤਰਾਂ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇਗੀ। ਕੋਵਿਡ-19 ਮਹਾਮਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਵਰਿੰਦਰ ਸ਼ਰਮਾ ਨੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹਾਂ ਲੁਧਿਆਣਾ ਦੇ ਸਰਵਪੱਖੀ ਵਿਕਾਸ ਲਈ ਟੀਮ ਦੇ ਰੂਪ ਵਿੱਚ ਕੰਮ ਕਰਨ ਦੀ ਅਪੀਲ ਕੀਤੀ।
ਇੱਥੇ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਸ਼ਨੀਵਾਰ ਦੇਰ ਰਾਤ ਪੰਜਾਬ ਸਰਕਾਰ ਨੇ 29 ਆਈ.ਏ.ਐੱਸ ਅਤੇ 4 ਪੀ.ਸੀ.ਐੱਸ ਸਮੇਤ 1 ਆਈ.ਆਰ.ਟੀ.ਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਆਦੇਸ਼ ਜਾਰੀ ਕੀਤੇ, ਜਿਸ ਵਿੱਚ 7 ਜ਼ਿਲ੍ਹਿਆਂ ਦੇ ਡੀ.ਸੀ. ਦੇ ਤਬਾਦਲੇ ਕੀਤੇ ਗਏ ਸਨ।