Ludhiana people vaccinated corona: ਲੁਧਿਆਣਾ (ਤਰਸੇਮ ਭਾਰਦਵਾਜ)-ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਫੈਕਟਰੀਆਂ ਜਾਂ ਉਦਯੋਗਿਕ ਇਕਾਈਆਂ ਨੂੰ ਬੰਦ ਕਰਨ ਦੀ ਕੋਈ ਮਨਸ਼ਾ ਨਹੀਂ ਹੈ ਅਤੇ ਇਸ ਨੂੰ ਆਖਰੀ ਵਿਕਲਪ ਵਜੋਂ ਚੁਣਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਤੱਕ 4.38 ਲੱਖ ਲੋਕਾਂ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ ਤੇ ਕਿਸੇ ‘ਤੇ ਵੀ ਇਸਦਾ ਮਾੜਾ ਪ੍ਰਭਾਵ ਨਹੀਂ ਪਿਆ। ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਇਹ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਫੇਸਬੁੱਕ ਪੇਜ ‘ਤੇ ਹਰ ਬੁੱਧਵਾਰ ਹੋਣ ਵਾਲੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਉਨ੍ਹਾਂ ਸਪੱਸ਼ਟ ਕੀਤਾ ਕਿ ਉਦਯੋਗ ਕਿਸੇ ਵੀ ਸੂਬੇ ਦੀ ਆਰਥਿਕਤਾ ਨੂੰ ਉੱਪਰ ਚੁੱਕਣ ਲਈ ਰੀੜ੍ਹ ਦੀ ਹੱਡੀ ਵਾਂਗ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਝੂਠੀਆਂ ਅਫਵਾਹਾਂ ਫੈਲਾ ਕੇ ਸਾਡੇ ਪ੍ਰਵਾਸੀ ਭਰਾਵਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਅਜਿਹੇ ਲੋਕਾਂ ਦੀਆਂ ਗੱਲਾਂ ‘ਚ ਆ ਕੇ ਆਪਣੇ ਪਿੱਤਰੀ ਸੂਬਿਆਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਪੱਸ਼ਟ ਕੀਤਾ ਹੈ ਕਿ ਫੈਕਟਰੀਆਂ ਨੂੰ ਕਿਸੇ ਵੀ ਹੀਲੇ ਬੰਦ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਦੀਆਂ ਗੱਲਾਂ ਵਿੱਚ ਆ ਕੇ ਆਪਣਾ ਕੀਮਤੀ ਸਮਾਂ ਅਤੇ ਪੈਸਾ ਬਰਬਾਦ ਨਾ ਕੀਤਾ ਜਾਵੇ, ਕਿਉਂਕਿ ਦੂਜੇ ਸੂਬੇ ‘ਚ ਆਉਣ-ਜਾਣ ‘ਤੇ ਕਾਫੀ ਪੈਸਾ ਅਤੇ ਸਮਾਂ ਲੱਗਦਾ ਹੈ ਅਤੇ ਜਿਹੜੀਆਂ ਬੱਸਾਂ ‘ਚ ਤੁਸੀਂ ਸਫਰ ਕਰਦੇ ਹੋ ਅਕਸਰ ਅਜਿਹੇ ਬੱਸ ਓਪਰੇਟਰਾਂ ਵੱਲੋਂ ਪ੍ਰੋਟੋਕਾਲ ਦੀ ਵੀ ਪਾਲਣਾ ਨਹੀਂ ਕੀਤੀ ਜਾਂਦੀ ਜੋ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਘਾਤਕ ਸਿੱਧ ਹੋ ਸਕਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਅਜਿਹੇ ਬੱਸ ਓਪਰੇਟਰਾਂ ਨੂੰ ਵੀ ਤਾੜਨਾ ਕੀਤੀ, ਜਿਨ੍ਹਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕੁੱਝ ਪੈਸਿਆਂ ਦੇ ਲਾਲਚ ਕਰਕੇ ਭੋਲੇ-ਭਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਡਰਾ ਕੇ ਜਾਂ ਗੁੰਮਰਾਹ ਕਰਕੇ ਪੰਜਾਬ ਛੱਡਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੇ ਨਾਲ-ਨਾਲ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਮਹਾਂਮਾਰੀ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣਾ ਤੇ ਆਪਣਿਆਂ ਦਾ ਬਚਾਅ ਕਰਨ।
ਇਹ ਵੀ ਦੇਖੋ–
ਕੋਰੋਨਾ ਵੈਕਸੀਨ ਦੇ ਵਧੇ ਰੇਟ, ਹੁਣ ਸਰਕਾਰੀ ਹਸਪਤਾਲਾਂ ‘ਚ ਵੀ ਮੁੱਫਤ ਨਹੀਂ ਮਿਲੇਗੀ ਵੈਕਸੀਨ