ludhiana weekend curfew Guidelines: ਲੁਧਿਆਣਾ (ਤਰਸੇਮ ਭਾਰਦਵਾਜ)- ਸੂਬੇ ਭਰ ‘ਚ ਕੋਰੋਨਾ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਕਦਮ ਚੁੱਕੇ ਹਨ, ਜਿਸ ਦੌਰਾਨ ਹੁਣ ਸੂਬੇ ਭਰ ‘ਚ ਨਾਈਟ ਕਰਫਿਊ ਦਾ ਸਮਾਂ ਵਧਾ ਕੇ ਸ਼ਾਮ 7 ਤੋਂ ਸਵੇਰ 5 ਵਜੇ ਤੱਕ ਕਰ ਦਿੱਤਾ ਗਿਆ ਹੈ ਅਤੇ ਹੋਰ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਕਰਕੇ ਸਖਤੀ ਵਰਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਹੁਣ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ, ਜਿਸ ਦਾ ਵੇਰਵਾ ਇਸ ਪ੍ਰਕਾਰ ਹੈ-
ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾਂ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਸ਼ਹਿਰ ‘ਚ ਧਾਰਮਿਕ ਸਥਾਨ, ਰੈਸਟੋਰੈਂਟ, ਸ਼ਰਾਬ ਦੇ ਠੇਕੇ ਅਤੇ ਸਪੋਰਟਸ ਕੰਪਲੈਕਸ, ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਵੈਸੇ ਤਾਂ ਹਫਤੇ ਦੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ ਸਾਢੇ 6 ਵਜੇ ਤੱਕ ਖੁੱਲ੍ਹੇ ਰੱਖਣ ਦਾ ਹੁਕਮ ਜਾਰੀ ਕੀਤੇ ਗਏ ਹਨ। ਇਸ ਦੌਰਾਨ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਧਾਰਾ 144 ਤਹਿਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਇਹ ਵੀ ਦੱਸਿਆ ਜਾਂਦਾ ਹੈ ਕਿ ਜ਼ਿਲ੍ਹੇ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਲਾਕਡਾਊਨ ਹੋਵੇਗਾ। ਇਸ ਦੌਰਾਨ ਸਿਰਫ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਹੋਟਲ ਅਤੇ ਕਾਰਖਾਨੇ ਹੀ ਖੁੱਲ੍ਹੇ ਰਹਿਣਗੇ। ਕਾਰਖਾਨਿਆਂ ‘ਚ ਕੰਮ ਕਰਨ ਵਾਲੇ ਕਾਮੇ ਸਿਫਟਾਂ ਦੇ ਹਿਸਾਬ ਨਾਲ ਕੰਮ ਕਰਨਗੇ। ਇਸ ਤੋਂ ਇਲਾਵਾ ਜ਼ਰੂਰੀ ਵਸਤਾਂ ਦੀ ਢੋਆ-ਢੁਆਈ ਦਾ ਕੰਮ ਨਿਰਵਿਘਨ ਜਾਰੀ ਰਹੇਗਾ। ਇਸ ਤੋਂ ਇਲਾਵਾ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾ ਓਡ-ਈਵਨ ਫਾਰਮੂਲੇ ਤਹਿਤ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਸ਼ਹਿਰ ‘ਚ ਸਿਰਫ 50 ਫੀਸਦੀ ਦੁਕਾਨਾ ਖੁੱਲ੍ਹਣਗੀਆਂ। ਇਹ ਆਦੇਸ਼ 24 ਅਗਸਤ ਤੋਂ ਲਾਗੂ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸੂਬੇ ਭਰ ‘ਚ 31 ਅਗਸਤ ਤੱਕ ਲਾਕਡਾਊਨ ਦੀਆਂ ਇਹ ਨਵੀਂ ਪਾਬੰਦੀਆਂ ਦਾ ਐਲਾਨ ਕਰਨ ਤੋਂ ਬਾਅਦ ਹੁਣ ਮੁੱਖ ਮੰਤਰੀ ਵੱਲੋਂ ਵਿਆਹ ਅਤੇ ਭੋਗ ਸਮਾਗਮਾਂ ਤੋਂ ਇਲਾਵਾ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ ਲਾਉਣ ਲਈ ਧਾਰਾ 144 ਵੀ ਲਾਗੂ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।