Ludhiana youth firing motorcycle: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ 3 ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਘਟਨਾ ਦੌਰਾਨ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਤੇ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ। ਪਰਿਵਾਰ ਵਲੋਂ ਜ਼ਖਮੀ ਨੌਜਵਾਨ ਨੂੰ ਤੁਰੰਤ ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਗਿਆ ਫਿਲਹਾਲ ਨੌਜਵਾਨ ਦੀ ਹਾਲਤ ਖਤਰੇ ‘ਚ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਘਟਨਾ ਥਾਣਾ ਡੇਹਲੋਂ ਦੇ ਅਧੀਨ ਪੈਂਦੇ ਪਿੰਡ ਜੱਸੜ ‘ਚ ਵਾਪਰੀ ਹੈ।
ਦੱਸਣਯੋਗ ਹੈ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਿੰਨ ਨੌਜਵਾਨਾਂ ਨੇ ਪਹਿਲਾਂ ਘਰ ਦਾ ਦਰਵਾਜ਼ਾ ਖ਼ੜਕਾਇਆ, ਜਿਵੇਂ ਹੀ ਘਰ ਦੇ ਅੰਦਰੋਂ ਪੀੜਤ ਨੌਜਵਾਨ ਬਾਹਰ ਆਇਆ ਤਾਂ ਹਮਲਾਵਰਾਂ ਨੇ ਉਸ ‘ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ।ਇਸ ਦੌਰਾਨ ਉਕਤ ਨੌਜਵਾਨ ਨੇ ਮੁਕਾਬਲਾ ਕਰਦੇ ਹੋਏ ਹਮਲਾਵਰ ਦਾ ਹੱਥ ਪਿੱਛੇ ਕਰ ਦਿੱਤਾ, ਜਿਸ ਕਾਰਣ ਗੋਲੀਆਂ ਬਾਂਹ ਅਤੇ ਲੱਤ ‘ਚ ਜਾ ਲੱਗੀਆਂ। ਘਟਨਾ ਤੋਂ ਬਾਅਦ ਹਮਲਾਵਰ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਸਬੰਧੀ ਥਾਣਾ ਡੇਹਲੋਂ ਦੇ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਨੇੜੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਜਲਦ ਹੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।