micro containment jagraon corona: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਜਾਣਕਾਰੀ ਇੱਥੇ ਦੇ ਜਗਰਾਓ ਹਲਕੇ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਅੱਜ ਭਾਵ ਵੀਰਵਾਰ ਨੂੰ ਭੋਗੀਆ ਮੁਹੱਲਾ ‘ਚ ਸਵੇਰੇਸਾਰ 6 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਜਗਰਾਓ ਦੇ ਮੁਹੱਲਾ ਰਾਮ ਨਗਰ ਸਮੇਤ ਹੋਰ ਇਲਾਕਿਆਂ ਦੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ 23 ਕੇਸ ਸਾਹਮਣੇ ਆਏ ਸੀ। ਇਸ ਤੋਂ ਬਾਅਦ ਸਿਵਲ ਹਸਪਤਾਲ ਨੇ ਮੁਹੱਲਾ ਰਾਮ ਨਗਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਕਰ ਸੀਲ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਵ ਬੁੱਧਵਾਰ ਨੂੰ ਲੁਧਿਆਣਾ ‘ਚ ਕੋਰੋਨਾ ਪੀੜਤਾਂ 12 ਮਰੀਜ਼ਾਂ ਨੇ ਦਮ ਤੋੜਿਆ ਸੀ ਜਦਕਿ 237 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ ਜਿਨ੍ਹਾਂ ‘ਚ 199 ਜ਼ਿਲ੍ਹੇ ਦੇ ਅਤੇ ਬਾਕੀ 38 ਹੋਰ ਜ਼ਿਲ੍ਹਿਆਂ ਤੋਂ ਹਨ।ਮਹਾਨਗਰ ‘ਚ ਹੁਣ ਤੱਕ 7288 ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 271 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਮੁਤਾਬਕ ਹੁਣ ਤੱਕ 92166 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 81543 ਵਿਅਕਤੀਆਂ ਦੇ ਟੈਸਟ ਨੈਗੇਟਿਵ ਆ ਚੁੱਕੇ ਹਨ।