minister ashu businessman manpreet badal: ਲੁਧਿਆਣਾ (ਤਰਸੇਮ ਭਾਰਦਵਾਜ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਕਾਰੋਬਾਰੀਆਂ /ਵਪਾਰੀਆਂ/ਸਨਅਤਕਾਰਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਪਾਲਿਸੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਨੇ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਵੀ ਸਪੱਸ਼ਟ ਨਿਰਦੇਸ਼ ਦੇ ਦਿੱਤੇ ਹਨ।
ਦੱਸਣਯੋਗ ਹੈ ਕਿ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗੁਵਾਈ ‘ਚ ਲੁਧਿਆਣਾ ਦੇ ਕਾਰੋਬਾਰੀ/ਵਪਾਰੀ/ਉਦਯੋਗਪਤੀਆਂ ਨੇ ਅੱਜ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਰੋਬਾਰੀਆਂ/ਵਪਾਰੀਆਂ/ਉਦਯੋਗਪਤੀਆਂ ਨੂੰ ਸੀ-ਫਾਰਮ, ਨੋਟਿਸਾਂ ਤੋਂ ਇਲਾਵਾ ਹੋਰ ਮੁਦਿੱਆਂ ‘ਤੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ‘ਚ ਵਿਧਾਇਕ ਸ੍ਰੀ ਸੰਜੇ ਤਲਵਾੜ, ਸ੍ਰੀ ਰਜਿੰਦਰ ਬੇਰੀ ਅਤੇ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।
ਮੰਤਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਵਪਾਰੀਆਂ/ ਉਦਯੋਗਪਤੀਆਂ ਅਤੇ ਲੁਧਿਆਣਾ ਨੂੰ ਵਿੱਤੀ ਰਾਜਧਾਨੀ ਵਜੋਂ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਪਾਸੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਾਰੋਬਾਰੀਆਂ/ਵਪਾਰੀਆ/ਉਦਯੋਗਪਤੀਆਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।ਉਨ੍ਹਾਂ ਨੇ ਦੱਸਿਆ ਕਿ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਾਰੋਬਾਰੀਆਂ /ਵਪਾਰੀਆਂ/ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇਕ ਹਫਤੇ ਦੇ ਅੰਦਰ-ਅੰਦਰ ਰਸਮੀ ਪਾਲਿਸੀ ਬਣਾਈ ਜਾਵੇਗੀ। ਕਾਰੋਬਾਰੀਆਂ/ਵਪਾਰੀ/ਉਦਯੋਗਪਤੀਆਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਸਾਰੇ ਯਤਨਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।