Mission Fateh awareness: ਮਾਨਸਾ, 12 ਜੂਨ: ਪੰਜਾਬ ਸਰਕਾਰ ਦੁਆਰਾ 1 ਜੂਨ 2020 ਨੂੰ ਮਿਸ਼ਨ ਫਤਿਹ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੁਹਿੰਮ ਦੇ ਤੀਜੇ ਹਫ਼ਤੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਆਂਗਣਵਾੜੀ ਵਰਕਰਾਂ, ਸਰਪੰਚਾਂ, ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਐਨ.ਜੀ.ਓਜ਼, ਪੁਲਿਸ ਅਤੇ ਸਮਾਜ ਭਲਾਈ ਸੋਸਾਇਟੀਆਂ ਦੁਆਰਾ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦਾ ਮਕਸਦ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਰੱਖਣ ਲਈ ਵਰਤੀਆਂ ਜਾਣ ਵਾਲੀਆਂ ਜਰੂਰੀ ਸਾਵਧਾਨੀਆਂ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਦੀ ਵਰਤੋਂ, ਹੱਥ ਧੋਣਾਂ ਅਤੇ ਸੈਨੀਟਾਈਜ਼ ਕਰਨਾ ਆਦਿ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਕੋਰੋਨਾ ਦਾ ਕਹਿਰ ਹਾਲੇ ਜਾਰੀ ਹੈ ਅਤੇ ਸਿਰਫ ਸਾਵਧਾਨੀਆਂ ਵਰਤ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ। ਇਸ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿਚ 15 ਜੂਨ 2020 ਤੋਂ ਇਨ੍ਹਾਂ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਜੰਗ ਵਿਚ ਮੂਹਰੀਆਂ ਕਤਾਰਾਂ ਵਿਚ ਕੰਮ ਕਰ ਰਹੇ ਆਂਗਣਵਾੜੀ ਵਰਕਰਾਂ, ਸਰਪੰਚਾਂ, ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਐਨ.ਜੀ.ਓਜ਼, ਪੁਲਿਸ ਅਤੇ ਸਮਾਜ ਭਲਾਈ ਸੋਸਾਇਟੀਆਂ ਅਦਿ ਨੂੰ ਸਪੈਸ਼ਲ ਬੈਜ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਕੋਵਾ ਐਪ ਰਾਹੀਂ ਆਮ ਜਨਤਾ ਵਿਚੋਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕੋਰੋਨਾ ਜੰਗ ਵਿਚ ਮੂਹਰਲੀਆਂ ਕਤਾਰਾਂ ‘ਚ ਕੰਮ ਕਰ ਰਹੇ ਕੋਰੋਨਾ ਯੋਧਿਆਂ ਨੂੰ ਆਪਣੇ ਮੋਬਾਇਲ ਫੋਨ ਵਿਚ ਕੋਵਾ ਐਪ ਡਾਊਨਲੋਡ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਫਤਿਹ ਤਹਿਤ ਉਲੀਕੀਆਂ ਜਾ ਰਹੀਆਂ ਇਨ੍ਹਾਂ ਡੋਰ-ਟੂ-ਡੋਰ ਗਤੀਵਿਧੀਆਂ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਕੋਰੋਨਾ ਯੋਧਿਆਂ ਦੁਆਰਾ ਕੋਵਾ ਐਪ ਵਿਚ ਆਪਣੀ ਗਤੀਵਿਧੀ ਦੀਆਂ ਫੋਟੋਗ੍ਰਾਫਜ਼ ਅਤੇ ਵੀਡੀਓ ਅਪਲੋਡ ਕੀਤੀਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਰਬਜੀਤ ਸਿੰਘ (ਐਲੀਮੈਂਟਰੀ ਸਿੱਖਿਆ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ੍ਰੀ ਜਗਰੂਪ ਸਿੰਘ ਭਾਰਤੀ, ਡਾ. ਬਲਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਵਾਧੂ ਚਾਰਜ) ਅਵਤਾਰ ਕੌਰ, ਸ੍ਰੀ ਸੰਦੀਪ ਘੰਡ, ਇੰਚਾਰਜ, ਨਹਿਰੂ ਯੁਵਾ ਕੇਂਦਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।