Mobile testing van corona test: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੋਕਣ ਲਈ ਪ੍ਰਸ਼ਾਸਨ ਵੱਲੋਂ ਇਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਜਾਣਕਾਰੀ ਮੁਤਾਬਕ ਹੁਣ 2 ਮੋਬਾਇਲ ਟੈਸਟਿੰਗ ਵੈਨਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਨਗਰ ਨਿਗਮ ਦੇ ਮੇਅਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਸ਼ਹਿਰ ‘ਚ 2 ਵੈਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਬਾਅਦ ‘ਚ ਵਧਾਈ ਜਾਵੇਗੀ। ਇਹ ਵੈਨਾਂ ਫਲੂ ਕਾਰਨਰ ਵਾਂਗ ਕੰਮ ਕਰਨਗੀਆਂ। ਲੋਕਾਂ ਦੀ ਘਰ-ਘਰ ਜਾ ਕੇ ਜਾਂਚ ਕੀਤੀ ਜਾਵੇਗੀ ਅਤੇ ਬੀਮਾਰੀ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ। ਦਇਆਨੰਦ ਮੈਡੀਕਲ ਕਾਲਜ ਅਤੇ ਕ੍ਰਿਸਚਿਅਨ ਮੈਡੀਕਲ ਕਾਲਜ ਦੀਆਂ ਟੀਮਾਂ ਇਸ ਮੁਹਿੰਮ ਲਈ ਸੇਵਾਵਾਂ ਦੇਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।
ਪੁਲਿਸ ਕਮਿਸ਼ਨਰ ਅਗਰਵਾਲ ਨੇ ਕਿਹਾ ਹੈ ਕਿ ਲੋਕ ਆਪ ਅਤੇ ਦੂਜਿਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਲੁਧਿਆਣਾ ਪੁਲਿਸ ਹਮੇਸ਼ਾ ਇਸ ਲੜਾਈ ‘ਚ ਲੋਕਾਂ ਦੇ ਨਾਲ ਹੈ।ਇਸ ਮੌਕੇ ਵਧੀਕ ਡੀ. ਸੀ ਸੰਦੀਪ ਕੁਮਾਰ ਅਤੇ ਅਮਰਜੀਤ ਸਿੰਘ ਬੈਂਸ ਵੀ ਹਾਜ਼ਰ ਸਨ।