MP Fatehgarh Sahib Amar Singh visits anaj mandis : ਲੁਧਿਆਣਾ, (ਤਰਸੇਮ ਭਾਰਦਵਾਜ)- ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਬਰ ਡਾ. ਅਮਰ ਸਿੰਘ ਵੱਲੋਂ ਸਾਹਨੇਵਾਲ, ਜੰਡਿਆਲੀ, ਕੂਮ ਕਲਾਂ ਅਤੇ ਖਾਸੀ ਕਲਾਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਝੋਨੇ ਦੀ ਖਰੀਦ ਸਬੰਧੀ ਪ੍ਰਗਤੀ ਦਾ ਜਾਇਜਾ ਲਿਆ।ਡਾ. ਅਮਰ ਸਿੰਘ ਵੱਲੋ ਦੌਰੇ ਮੌਕੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ ‘ਤੇ ਤਸੱਲੀ ਜ਼ਾਹਰ ਕੀਤੀ। ਉਹਨਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਹਨਾਂ ਔਖੇ ਸਮਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।
ਡਾ.ਅਮਰ ਸਿੰਘ ਨੂੰ ਮੀਡੀਆ ਵੱਲੋਂ ਰੇਲਾਂ ਬੰਦ ਹੋਣ ਸੰਬਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਤਾਨਾਸ਼ਾਹੀ ਵਾਲਾ ਰਵੱਈਆ ਅਖਤਿਆਰ ਕੀਤਾ ਜਾ ਰਿਹਾ ਹੈ ਜਦਕਿ ਲੋਕਤੰਤਰ ਬਿਲਕੁਲ ਇਸਦੇ ਵਿਚਾਰ ਚਰਚਾਵਾਂ ਨਾਲ ਚੱਲਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖਾਸਕਰ ਪੰਜਾਬ ਦੇ ਲੋਕਾਂ ਨਾਲ ਸ਼ਰੇਆਮ ਧੱਕਾ/ਵਧੀਕੀ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਰੇਲ ਮੰਤਰੀ ਨੂੰ ਗੁਜਾਰਿਸ਼ ਕੀਤੀ ਗਈ ਕਿ ਰੇਲਾਂ ਬੰਦ ਹੋ ਜਾਣ ਨਾਲ ਸੂਬੇ ਦੀ ਬਿਜ਼ਲੀ ਬੰਦ ਹੋ ਜਾਵੇਗੀ, ਕਣਕ ਦੀ ਬਿਜਾਈ ਸਿਰ ‘ਤੇ ਆ ਗਈ ਹੈ, ਖਾਦਾਂ ਵੀ ਪੰਜਾਬ ‘ਚ ਨਹੀਂ ਪਹੁੰਚ ਰਹੀਆਂ।
ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ ਦੀ ਗਿਣਤੀ ਦੁੱਗਣੀ ਤੋਂ ਵੱਧ ਕੀਤੀ ਗਈ ਹੈ। ਸੂਬੇ ਵਿੱਚ ਇਸ ਵਾਰ 4260 ਮੰਡੀਆਂ ਬਣਾਈਆਂ ਗਈਆਂ ਹਨ ਤਾਂ ਕਿ ਕਿਸਾਨਾਂ ਨੂੰ ਫਸਲ ਲਿਆਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ ਤਾਂ ਜੋ ਫਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਹਤਿਆਦੀ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਮਾਸਕ, ਸੈਨੀਟਾਈਜ਼ਰ ਤੋਂ ਇਲਾਵਾ ਹੱਥ ਧੋਣ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਪ੍ਰੋਟੋਕੋਲ ਖਾਸ ਤੌਰ ‘ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ ਹੈ।ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਝੋਨੇ ਦੀ ਖਰੀਦ 30 ਨਵੰਬਰ ਤੱਕ ਜਾਰੀ ਰਹੇਗੀ ਤਾਂ ਜੋ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਆਪਣੀ ਉਪਜ ਮੰਡੀਆਂ ਵਿੱਚ ਲਿਆ ਸਕਣ।ਨਗਰ ਕੌਸਲ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ, ਮਾਰਕੀਟ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਅਟਵਾਲ, ਜ਼ਿਲ੍ਹਾ ਪ੍ਰੀਸ਼ਦ ਮੈਬਰ ਐਡਵੋਕੇਟ ਰਵਨੀਤ ਸਿੰਘ ਗਿੱਲ, ਕੌਸਲਰ ਪਾਲ ਸਿੰਘ ਗਰੇਵਾਲ, ਜ਼ਿਲ੍ਹਾ ਲੁਧਿਆਣਾ ਦਿਹਾਤੀ ਯੂਥ ਪ੍ਰਧਾਨ ਕਾਗਰਸ਼ ਲੱਕੀ ਸੰਧੂ, ਸ੍ਰੀਨੀਅਰ ਕਾਂਗਰਸੀ ਆਗੂ ਸੋਨੀ ਗਾਲਿਬ, ਬਲਾਕ ਪ੍ਰਧਾਨ ਹਰਿੰਦਰ ਕੁਮਾਰ ਪੱਪੀ, ਕਾਂਗਰਸੀ ਆਗੂ ਮਲਕੀਤ ਸਿੰਘ ਗਿੱਲ, ਟਰੱਕ ਯੂਨੀਅਨ ਪ੍ਰਧਾਨ ਅਵਤਾਰ ਸਿੰਘ ਚਹਿਲ, ਸਾਬਕਾ ਬਲਾਕ ਪ੍ਰਧਾਨ ਰਾਮ ਨਾਥ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਹਣ ਸਿੰਘ ਢੋਲਣਵਾਲ ਤੇ ਹੋਰ ਵੀ ਹਾਜ਼ਰ ਸਨ।