Paddy Procured Ludhiana Mandis: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਮਹਾਮਾਰੀ ਦੇ ਚੱਲਦਿਆਂ ਝੋਨੇ ਦੀ ਫਸਲ ਦੀ ਖ੍ਰੀਦ ਤੇ ਚੁਕਾਈ ਦੌਰਾਨ ਲੁਧਿਆਣਾ ਜ਼ਿਲ੍ਹੇ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਦਰਅਸਲ ਮਹਾਮਾਰੀ ਦੇ ਚੱਲਦਿਆਂ ਇੱਥੇ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਾਰੀ ਟੀਮ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਲੁਧਿਆਣਾ ਦੀਆਂ ਮੰਡੀਆਂ ‘ਚ ਅੱਜ ਤੱਕ 9.40 ਲੱਖ ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ, ਜਿਸ ‘ਚੋਂ 8.38 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਕ ਦਿਨ ‘ਚ ਜ਼ਿਲ੍ਹੇ ਦੀਆਂ ਮੰਡੀਆਂ ‘ਚ 83 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ, ਜਿਸ ‘ਚੋਂ 75 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਖ੍ਰੀਦ ਦੀ ਕਿਸਾਨਾਂ ਨੂੰ ਅਦਾਇਗੀ ਕਰਨ ਲਈ ਆੜ੍ਹਤੀਆਂ ਨੂੰ ਬਣਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਝੋਨੇ ਦੀ ਖਰੀਦ ‘ਤੇ ਤਸੱਲੀ ਜ਼ਾਹਿਰ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਭਾਰਤ ਸਰਕਾਰ ਵਲੋਂ ਤੈਅ ਨਮੀ ਦੀ ਮਾਤਰਾ ਅਨੁਸਾਰ ਹੀ ਝੋਨੇ ਮੰਡੀਆਂ ‘ਚ ਲੈ ਕੇ ਆਉਣ।