PAU farmers paddy straw: ਲੁਧਿਆਣਾ (ਤਰਸੇਮ ਭਾਰਦਵਾਜ)-ਝੋਨੇ ਦੀ ਵਾਢੀ ਦਾ ਸੀਜ਼ਨ ਹੋਣ ਕਰਕੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੀ.ਏ.ਯੂ. ਦੇ ਮਾਹਿਰ ਪਿੰਡਾਂ ਤੇ ਕਸਬਿਆਂ ‘ਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੇ ਨੁਕਤੇ ਦੱਸ ਰਹੇ ਹਨ। ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕਰਨ ਬਾਰੇ ਘਰ-ਘਰ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਕਿਸਾਨਾਂ ਨੂੰ ਇਸ ਗੱਲ ਲਈ ਸੁਚੇਤ ਕੀਤਾ ਗਿਆ ਕਿ ਉਹ ਪਰਾਲੀ ਨੂੰ ਖੇਤ ‘ਚ ਨਾ ਸਾੜ ਕੇ ਵਾਤਾਵਰਣ ਪੱਖੀ ਖੇਤੀ ਨਾਲ ਜੁੜਨ।
ਡਾ. ਲਖਵਿੰਦਰ ਕੌਰ ਨੇ ਪਰਾਲੀ ਨੂੰ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਇਸ ਤੋਂ ਪੈਦਾ ਹੋਣ ਵਾਲੀਆਂ ਗੈਸਾਂ, ਹਵਾ-ਪ੍ਰਦੂਸ਼ਣ ਤੇ ਸਿਹਤ ਸੰਬੰਧੀ ਸਮੱਸਿਆਵਾਂ ਦੇ ਨਾਲ-ਨਾਲ ਸੜਕ ਹਾਦਸੇ ਤੇ ਮਿੱਟੀ ਦੇ ਜੈਵਿਕ ਤੱਤਾਂ ਦੇ ਨੁਕਸਾਨ ਬਾਰੇ ਭਰਪੂਰ ਗੱਲਬਾਤ ਕੀਤੀ। ਪਸਾਰ ਮਾਹਿਰ ਡਾ. ਧਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਪੀ.ਏ.ਯੂ. ਵਲੋਂ ਤਿਆਰ ਕੀਤੀਆਂ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ-ਨਾਲ ਡਾ. ਸਿੰਘ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਮਸ਼ੀਨਰੀ ਲੈ ਕੇ ਆਪਣੇ ਖਰਚੇ ਘਟਾਉਣ ਤੇ ਪਰਾਲੀ ਸੰਭਾਲਣ ਲਈ ਪ੍ਰੇਰਿਤ ਕੀਤਾ। ਪੀ.ਏ.ਯੂ. ਦੀ ਮੋਬਾਈਲ ਵੈਨ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੀਆਂ ਤਕਨੀਕਾਂ ਬਾਰੇ ਵੀਡੀਓ ਦਿਖਾਈ ਜਾ ਰਹੀ ਹੈ।