Payal BSP workers protest: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਪਾਇਲ ‘ਚ ਕਿਸਾਨਾਂ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਅਤੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਬਹਾਲੀ ਲਈ ਹਜਾਰਾਂ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ, ਜਿਸਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਇਸ ਦੌਰਾਨ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਤੇ ਸ੍ਰੀ ਵਿਪੁਲ ਕੁਮਾਰ ਸ਼ਾਮਿਲ ਹੋਏ।
ਇਸ ਮੌਕੇ ਰਣਧੀਰ ਸਿੰਘ ਬੈਨੀਵਾਲ ਨੇ ਹਾਥਰਸ ਯੂ.ਪੀ ‘ਚ ਦਲਿਤ ਮਹਿਲਾ ਨਾਲ ਬਲਾਤਕਾਰ ਅਤੇ ਹੱਤਿਆ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੋਸਟ ਮੈਟ੍ਰਿਕ ਘੁਟਾਲੇ ‘ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਨੂੰ ਖ਼ਾਰਜ ਕਰਦਿਆਂ ਕਾਂਗਰਸ ਸਰਕਾਰ ਨੂੰ ਦਲਿਤ ਵਿਰੋਧੀ ਕ਼ਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਗਠਜੋੜ ਦਾ ਫੈਸਲਾ ਭਵਿੱਖ ਦੇ ਗਰਭ ‘ਚ ਹੈ ਅਤੇ ਬਸਪਾ 117 ਸੀਟਾਂ ਦੀ ਤਿਆਰੀ ਕਰ ਰਹੀ ਹੈ।
ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਸਪਾ ਨੇ ਜਿਸ ਦਿਨ ਤੋਂ ਡੰਡੇ ‘ਚ ਝੰਡਾ ਪਾਕੇ ਕਿਸਾਨਾਂ ਦੇ ਹਿਤ ‘ਚ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਮੁੱਦਿਆ ਨਾਲ ਸੜਕਾਂ ਤੇ ਜਬਰਦਸਤ ਧਰਨੇ ਪ੍ਰਦਰਸ਼ਨ ਸ਼ੁਰੂ ਕੀਤੇ ਹੋਏ ਨੇ ਉਸੇ ਦਿਨ ਤੋਂ ਸੂਬੇ ਦੀ ਕਾਂਗਰਸ ਸਰਕਾਰ ਬੁਰੀ ਤਰਾਂ ਬੁਖਲਾਈ ਹੋਈ ਹੈ। ਉਨ੍ਹਾਂ ਨੇ ਕਿਹਾ ਕਾਂਗਰਸ ਤੇ ਕੇਂਦਰ ਦੀ ਭਾਜਪਾ ਸਰਕਾਰਾਂ ਸਕਾਲਰਸ਼ਿਪ ਦੇ ਮੁੱਦੇ ‘ਤੇ ਇਕ ਦੂਜੇ ਖਿਲਾਫ਼ ਦੂਸ਼ਣਬਾਜ਼ੀ ਤੱਕ ਹੀ ਸੀਮਤ ਹਨ ਜਦਕਿ ਇਹ ਦੋਵਾਂ ਪਾਰਟੀਆ ਨੇ ਸਕਾਲਰਸ਼ਿਪ ਸਕੀਮ ਨੂੰ ਪੰਜਾਬ ‘ਚ ਲਾਗੂ ਨਾ ਕਰਨ ਲਈ ਮੁੱਖ ਤੌਰ ਤੇ ਜ਼ਿੰਮੇਵਾਰ ਹਨ। ਉਨ੍ਹਾਂ ਸੂਬੇ ਦੇ ਕਾਂਗਰਸੀ ਮੁੱਖ ਮੰਤਰੀ ਨੂੰ ਸਕਾਲਰਸ਼ਿਪ ਤੇ ਸਿਆਸੀ ਬਿਆਨਬਾਜ਼ੀ ਛੱਡ ਕੇ ਤੁਰੰਤ ਸੂਬਾ ਸਰਕਾਰ ਦੁਆਰਾ ਫ਼ੰਡਿਡ ਸੂਬਾ ਪੱਧਰੀ ਪ੍ਰੀ ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਗਰੀਬ ਐਸ.ਸੀ ਤੇ ਬੀ.ਸੀ ਵਰਗਾ ਲਈ ਸ਼ੁਰੂ ਕਰਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ਸਕੀਮ ਲਈ ਬਜਟ ‘ਚ ਵਿਸ਼ੇਸ਼ ਇੰਤਜ਼ਾਮ ਕਰਨ ਦੀ ਲੋੜ ਦੱਸੀ। ਅੰਤ ‘ਚ ਉਨ੍ਹਾਂ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਿਸ ਲੈਣ, ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਬਹਾਲੀ, ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੰਤਰੀ ਮੰਡਲ ਵਿਚੋਂ ਬਰਖਾਸਤੀ, 85ਵੀ ਸੋਧ ਤੇ ਮੰਡਲ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ ਆਦਿ ਮੰਗਾ ਨੂੰ ਮੁੜ ਦੁਹਰਾਇਆ।