Police arrest drug smugglers heroin: ਲੁਧਿਆਣਾ ਐੱਸ.ਟੀ.ਐੱਫ ਰੇਂਜ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਦੋ ਕਾਰ ਸਵਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਦਕਿ 1 ਦੋਸ਼ੀ ਭੱਜਣ ‘ਚ ਕਾਮਯਾਬ ਹੋ ਗਿਆ। ਤਲਾਸ਼ੀ ਲੈਣ ‘ਤੇ ਪੁਲਿਸ ਨੇ ਦੋਸ਼ੀਆਂ ਕੋਲੋਂ 530 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਫਿਲਹਾਲ ਫਰਾਰ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਏ.ਐਸ.ਆਈ ਜਗਤਾਰ ਸਿੰਘ ਨੇ ਦੱਸਿਆ ਕਿ ਐੱਸ.ਟੀ.ਐੱਫ ਦੀ ਟੀਮ ਨਸ਼ਾ ਤਸਕਰਾਂ ਦੀ ਭਾਲ ‘ਚ ਦੁਗਰੀ ਰੋਡ ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਏ.ਐਸ.ਆਈ ਮੁਹੰਮਦ ਸਦੀਕ ਕੋਲ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਤਿੰਨ ਦੋਸ਼ੀ ਟਾਟਾ ਨੈਕਸਨ ਕਾਰ ‘ਤੇ ਸਵਾਰ ਹੋ ਕੇ ਡੇਹਲੋਂ ਤੋਂ ਲੁਧਿਆਣਾ ਵਲ ਨਸ਼ੇ ਦੀ ਸਪਲਾਈ ਦੇਣ ਆ ਰਹੇ ਹਨ, ਸੂਚਨਾ ਮਿਲਦਿਆਂ ਹੀ ਨਾਕਾਬੰਦੀ ਦੌਰਾਨ ਕਾਰ ਸਵਾਰ ਵਿਅਕਤੀਆਂ ਨੂੰ ਜਦ ਰੋਕਿਆ ਗਿਆ ਉਨ੍ਹਾਂ ‘ਚੋਂ ਇੱਕ ਆਰੋਪੀ ਭੱਜਣ ‘ਚ ਕਾਮਯਾਬ ਹੋ ਗਿਆ ਪਰ ਦੋ ਦੋਸ਼ੀਆਂ ਨੂੰ ਟੀਮ ਨੇ ਕਾਬੂ ਕਰ ਲਿਆ। ਦੋਸ਼ੀਆਂ ਪਾਸੋਂ ਤਲਾਸ਼ੀ ਦੌਰਾਨ ਕਾਰ ਦੇ ਡੈਸ਼ ਬੋਰਡ ‘ਚ ਲੁਕਾ ਕੇ ਰੱਖੀ 530 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਜਗਤਾਰ ਸਿੰਘ ਨੇ ਦੱਸਿਆ ਕਿ ਦੋਸ਼ੀ ਦਿੱਲੀ ਤੋਂ ਹੈਰੋਇਨ ਲਿਆ ਕੇ ਲੁਧਿਆਣਾ ਅਤੇ ਆਸ ਪਾਸ ਦੇ ਇਲਾਕਿਆਂ ‘ਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਦੂਜੇ ਪਾਸੇ ਜੇ ਸੂਤਰਾਂ ਦੀ ਮੰਨੀਏ ਤਾਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜਾਰ ‘ਚ ਕੀਮਤ 2 ਕਰੋੜ 60 ਲੱਖ ਰੁਪਏ ਦੇ ਨੇੜੇ ਤੇੜੇ ਦੱਸੀ ਜਾਂਦੀ ਹੈ।