Police Commissioner People Facebook:ਬੀਤੇ ਦਿਨ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਲੁਧਿਆਣਾ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੋਕਾਂ ਨਾਲ ਗੱਲ ਬਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਕਈ ਅਹਿਮ ਫੈਸਲਿਆਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਪੁਲਸ ਕਮਿਸ਼ਨਰ ਨੇ ਦੱਸਿਆ ਹੈ ਕਿ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਦੀ ਮੰਗ ਮੁਤਾਬਕ ਅਹਿਮ ਫੈਸਲਾ ਲਿਆ ਗਿਆ ਹੈ। ਹੁਣ ਮਾਰਕੀਟ ਕਮੇਟੀ ਤੋਂ ਸਬਜ਼ੀਆਂ ਅਤੇ ਫਲਾਂ ਦੀ ਕੀਮਤਾਂ ਦੀ ਸੂਚੀ ਲੈ ਕੇ ਫੇਸਬੁੱਕ ਪੇਜ ‘ਤੇ ਪਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਰੋਨਾ ਨਾਲ ਨਜਿੱਠਣ ਲਈ ਲੋਕਾਂ ਨੂੰ ਹਦਾਇਤਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ ।
ਪੁਲਸ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਲਾਕਡਾਊਨ ਦੀਆਂ ਹਦਾਇਤਾਂ ਤਹਿਤ ਹੁਣ ਲੋਕ ਹੋਟਲਾਂ ਜਾਂ ਰੈਸਟੋਰੈਂਟ ‘ਚ ਪਾਰਟੀਆਂ ਕਰ ਸਕਣਗੇ ਪਰ ਇਸ ਦੌਰਾਨ ਡਿਸਪੋਜ਼ਲ ਬਰਤਨ ਵਰਤਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪਾਰਟੀ ‘ਚ 50 ਤੋਂ ਵੱਧ ਲੋਕ ਸ਼ਾਮਲ ਨਹੀਂ ਹੋਣੇ ਚਾਹੀਦੇ ਅਤੇ ਇਸ ਦੇ ਨਾਲ ਹੀ ਸੋਸ਼ਲ ਡਿਸਟੈਂਸਿੰਗ ਵਰਗੇ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ। ਉਨ੍ਹਾਂ ਨੇ ਦੱਸਿਆ ਹੈ ਕਿ ਜਿਹੜੇ ਲੋਕਾਂ ਦਾ ਲਾਕਡਾਊਨ ਦੌਰਾਨ ਡਰਾਈਵਿੰਗ ਲਾਇਸੈਂਸ ਜਾਂ ਕੁਝ ਹੋਰ ਅਜਿਹੇ ਦਸਤਾਵੇਜ਼ਾਂ ਦੀ ਮਿਆਦ ਖਤਮ ਹੋ ਗਈ ਸੀ, ਉਨ੍ਹਾਂ ਦਾ ਇਨ੍ਹਾਂ ਦੋਸ਼ਾਂ ਤਹਿਤ ਚਾਲਾਨ ਨਹੀਂ ਕੀਤੇ ਜਾਣਗੇ ਸਗੋਂ ਇਸ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਹਦਾਇਤਾਂ ਟ੍ਰੈਫਿਕ ਪੁਲਿਸ ਅਤੇ ਵੱਖ-ਵੱਖ ਥਾਣਿਆਂ ‘ਚ ਤਾਇਨਾਤ ਕਰਮਚਾਰੀਆਂ ਤੱਕ ਪਹੁੰਚਾਈਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਨੇ ਇਹ ਵੀ ਦੱਸਿਆ ਹੈ ਕਿ ਜੇਕਰ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਉਹ ਪੁਲਿਸ ਦੀ ਈ-ਮੇਲ ਰਾਹੀਂ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪੁਲਿਸ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਵੱਲੋਂ ਮੁਹੱਲਾਵਰ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਹਦਾਇਤਾਂ ਦਾ ਪਾਲਣ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇਗੀ। ਬੀਤੇ ਦਿਨੀਂ ਪੁਲਸ ਵੱਲੋਂ ਮਾਸਕ ਨਾ ਪਹਿਨਣ ‘ਤੇ 11,000 , ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ ‘ਤੇ 2500 ਅਤੇ ਕੁਆਰੰਟੀਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਕੁਝ ਵਿਅਕਤੀਆਂ ਖਿਲਾਫ ਪੁਲਸ ਵੱਲੋਂ ਚਲਾਨ ਕੀਤੇ ਗਏ।