police nabbed thieves gang: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਲਗਾਤਾਰ ਵੱਧ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ‘ਤੇ ਲਗਾਮ ਕੱਸਦੇ ਹੋਏ ਪੁਲਿਸ ਨੇ ਇਕ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕੋਲੋਂ ਲੱਖਾਂ ਰੁਪਏ ਦੇ ਵਾਹਨ ਅਤੇ ਪੁਰਜ਼ੇ ਬਰਾਮਦ ਕੀਤੇ ਗਏ ਹਨ।
ਇਸ ਮਾਮਲੇ ਸਬੰਧੀ ਜੁਆਇੰਟ ਪੁਲਿਸ ਕਮਿਸ਼ਨਰ ਭਾਗੀਰਥ ਮੀਨਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਵਲੋਂ ਇਹ ਕਾਰਵਾਈ ਥਾਣਾ ਹੈਬੋਵਾਲ ਦੇ ਐੱਸ.ਐੱਚ.ਓ. ਜਸਕੰਵਲਜੀਤ ਸਿੰਘ ਸੇਖੋਂ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ‘ਚ ਲਿਆਂਦੀ ਹੈ। ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀਆਂ ‘ਚ ਸੁਖਜੀਤ ਕੁਮਾਰ, ਪਰਮਿੰਦਰ ਸਿੰਘ, ਸੁਰੇਸ਼ ਕੁਮਾਰ ਅਤੇ ਰਮੇਸ਼ ਕੁਮਾਰ ਦੇ ਨਾਂ ਨਾਲ ਹੋਈ ਹੈ।
ਦੱਸ ਦੇਈਏ ਕਿ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਨੂੰ ਜੱਸੀਆਂ ਰੋਡ ਨੇੜਿਓ ਗ੍ਰਿਫਤਾਰ ਕੀਤੇ ਗਏ ਹਨ। ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਰਗਰਮ ਸਨ ਅਤੇ ਕਈ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ। ਪੁਲਿਸ ਨੇ ਕਥਿਤ ਦੋਸ਼ੀਆਂ ਦੇ ਕਬਜ਼ੇ ‘ਚੋਂ ਤਿੰਨ ਕਾਰਾਂ ਅਤੇ ਇਕ ਐਕਟਿਵਾ ਸਕੂਟਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਵਾਹਨ ਚੋਰੀ ਕਰਨ ਉਪਰੰਤ ਉਸਦੇ ਪੁਰਜੇ ਕੱਢ ਲੈਂਦੇ ਸਨ ਤੇ ਅੱਗੇ ਰਮੇਸ਼ ਕੁਮਾਰ ਵਾਸੀ ਰਾਏਕੋਟ ਕਬਾੜ ਦਾ ਕਾਰੋਬਾਰ ਕਰਦਾ ਹੈ, ਉਸਨੂੰ ਸਸਤੇ ਭਾਅ ‘ਤੇ ਵੇਚ ਦਿੰਦੇ ਸਨ।
ਗ੍ਰਿਫਤਾਰ ਕੀਤੇ ਗਏ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਦੋ ਦਿਨ ਦਾ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੀ ਗ੍ਰਿਫਤਾਰੀ ਨਾਲ 19 ਮੁਕੱਦਮੇ ਹੱਲ ਹੋ ਗਏ ਹਨ। ਪੁਲਿਸ ਨੇ ਇਨ੍ਹਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਏ ਹਨ।