SGPC to recruit experts: ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗਡ਼੍ਹ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਚ ਵੱਖ ਵੱਖ ਭਾਸ਼ਾਵਾਂ ਦੇ ਮਾਹਿਰਾਂ ਨੂੰ ਭਰਤੀ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਨੂੰ ਪੰਜਾਬੀ, ਹਿੰਦੀ ਦੇ ਨਾਲ-ਨਾਲ ਫਰੈਂਚ, ਸਪੈਨਿਸ਼ ਤੇ ਇੰਗਲਿਸ਼ ਭਾਸ਼ਾਵਾਂ ਵਿਚ ਮਾਹਰ ਕਰਵਾ ਕੇ ਦੇਸ਼ਾਂ ਵਿਦੇਸ਼ਾਂ ਵਿਚ ਸਿੱਖ ਧਰਮ ਦਾ ਪ੍ਰਚਾਰ ਕਰਵਾਏਗੀ।

ਉਨ੍ਹਾਂ ਕਿਹਾ ਕਿ ਅਜਿਹੇ ਵਿਦਵਾਨਾਂ ਦੀ ਤਿਆਰੀ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ। ਇਸ ਮੌਕੇ ਪ੍ਰਧਾਨ ਨੇ ਯੂਨੀਵਰਸਿਟੀ ਦੇ ਖੋਜ-ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਤੋਂ ਵੱਡੀਆਂ ਆਸਾਂ ਹਨ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਯੂਨੀਵਰਸਿਟੀ ਸਿੱਖ ਜਗਤ ਦੀਆਂ ਇਨ੍ਹਾਂ ਆਸਾਂ ‘ਤੇ ਖਰੀ ਉਤਰ ਰਹੀ ਹੈ।

ਇਸ ਮੌਕੇ ਤੇ ਯੂਨੀਵਰਸਿਟੀ ਦੀ ਪ੍ਰਕਾਸ਼ਿਤ ਪੁਸਤਕ ‘ਸ੍ਰੀ ਗੁਰੂ ਤੇਗ ਬਹਾਦਰ ਜੀ, ਜੀਵਨ, ਬਾਣੀ ਅਤੇ ਸ਼ਹਾਦਤ’ ਲੋਕ-ਅਰਪਣ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਜੀਵਨ ਅਤੇ ਸੰਦੇਸ਼ ਸੰਸਾਰ ਤੱਕ ਪਹੁੰਚਾਣਾ ਸਾਡੀ ਮੁੱਢਲੀ ਪ੍ਰਾਥਮਿਕਤਾ ਰਹੀ ਹੈ, ਇਸ ਮਨੋਰਥ ਦੀ ਪੂਰਤੀ ਲਈ ਯੂਨੀਵਰਸਿਟੀ ਵਿਖੇ ਖੋਜ-ਕਾਰਜਾਂ ਨੂੰ ਹੋਰ ਉਤਸ਼ਾਹਿਤ ਕਰਨ ਹਿੱਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਚੇਅਰ ਸਥਾਪਤ ਕੀਤੀ ਗਈ ਹੈ।