Youth Shiromani Akali Dal donate plasma: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਇੱਥੇ ਸਿਹਤ ਵਿਭਾਗ, ਪ੍ਰਸ਼ਾਸਨ ਸਮੇਤ ਹੋਰ ਲੋਕ ਮਹਾਮਾਰੀ ਖਿਲਾਫ ਵਿੱਢੀ ਜੰਗ ‘ਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਦੇ ਮੱਦੇਨਜ਼ਰ ਹੁਣ ਸਿਆਸੀ ਆਗੂ ਵੀ ਇਸ ਖਿਲਾਫ ਆਪਣੀ ਜੰਗ ‘ਚ ਆਪਣਾ ਯੋਗਦਾਨ ਪਾ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਨਵੀਂ ਮੁਹਿੰਮ ਵਿੱਢੀ ਜਾ ਰਹੀ ਹੈ। ਦਰਅਸਲ ਪੰਜਾਬ ਅੰਦਰ ਕੋਰੋਨਾ ਪਾਜ਼ੀਟਿਵ ਤੋਂ ਬਾਅਦ ਠੀਕ ਹੋਣ ਵਾਲੇ ਯੂਥ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੇ ਪਲਾਜ਼ਮਾਂ ਦਾਨ ਕਰਨ ਦੀ ਮੁਹਿੰਮ ਵਿੱਢੀ ਜਾ ਰਹੀ ਹੈ, ਜਿਸ ‘ਚ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਅਹਿਮ ਜ਼ਿੰਮੇਵਾਰੀ ਨਿਭਾਵੇਗਾ ਅਤੇ ਵੱਧ ਤੋਂ ਵੱਧ ਨੌਜਵਾਨ ਆਪਣਾ ਪਲਾਜ਼ਮਾ ਦਾਨ ਕਰਨਗੇ |
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਹੈ ਕਿ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨਾਲ ਪਲਾਜ਼ਮਾਂ ਦਾਨ ਕਰਨ ਦੀ ਮੁਹਿੰਮ ਵਿੱਢਣ ਸਬੰਧੀ ਵੀਡੀਓ ਕਾਨਫ਼ਰੰਸ ਮੀਟਿੰਗ ਕੀਤੀ ਹੈ । ਉਨ੍ਹਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਪੰਜਾਬ ਅੰਦਰ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਰਕੇ ਯੂਥ ਅਕਾਲੀ ਦਲ ਵਲੋਂ ਮਨੁੱਖਤਾ ਦੀ ਸੇਵਾ ਕਰਨ ਦੇ ਮਕਸਦ ਨਾਲ ਪਲਾਜ਼ਮਾ ਦਾਨ ਕਰਨ ਦੀ ਮੁਹਿੰਮ ਵਿੱਢੀ ਜਾ ਰਹੀ ਹੈ ।
ਉਨ੍ਹਾਂ ਨੇ ਦੱਸਿਆ ਹੈ ਕਿ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਠੀਕ ਹੋਣ ਵਾਲੇ ਨੌਜਵਾਨਾਂ ਦੀਆਂ ਸੂਚੀਆਂ ਤਿਆਰ ਕਰਕੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਉਨ੍ਹਾਂ ਦਾ ਪਲਾਜ਼ਮਾਂ ਦਾਨ ਕਰਨ ਦੀ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਜਿਹੜੇ ਆਗੂਆਂ ਤੇ ਵਰਕਰਾਂ ਨੇ ਹਾਲੇ ਤੱਕ ਕੋਰੋਨਾ ਟੈਸਟ ਨਹੀਂ ਕਰਵਾਇਆ, ਉਨ੍ਹਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਆਖਿਆ ਜਾਵੇਗਾ ਅਤੇ ਜਿਹੜੇ ਵਿਅਕਤੀ ਠੀਕ ਹੋ ਗਏ ਹਨ, ਉਨ੍ਹਾਂ ਦਾ ਐਟੀਬਾਡੀ ਟੈਸਟ ਕਰਵਾਉਣ ਤੋਂ ਬਾਅਦ ਯੋਗ ਨੋਜਵਾਨਾਂ ਨੂੰ ਪਲਾਜ਼ਮਾਂ ਦਾਨ ਕਰਨ ਦੀ ਮੁਹਿੰਮ ‘ਚ ਹਿੱਸਾ ਪਾਉਣ ਲਈ ਆਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਵਲੋਂ ਕੋਰੋਨਾ ਮਹਾਂਮਾਰੀ ਤੋਂ ਪੰਜਾਬੀਆਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤੇ ਤਾਲਾਬੰਦੀ ਦੌਰਾਨ ਵੀ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਵਲੋਂ ਲੋੜਵੰਦਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕਰਨ ਦੀ ਸੇਵਾ ਕੀਤੀ ਗਈ ਹੈ।