ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੂੰ ਇਹ ਅਹੁਦਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦਿੱਤਾ ਗਿਆ ਸੀ। ਕਾਂਗਰਸ ਹੁਣ ਪੰਜਾਬ ਵਿੱਚ ਸੱਤਾ ਤੋਂ ਬਾਹਰ ਹੋ ਗਈ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ‘ਚ ਜਲਦੀ ਹੀ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਅਜਿਹੇ ‘ਚ ਅਹਿਮ ਅਹੁਦੇ ਦੇ ਖਾਲੀ ਹੋਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲਈ ਚੁਣੌਤੀ ਵਧ ਸਕਦੀ ਹੈ।
ਉਧਰ, ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਕਿਸਾਨਾਂ ਦੇ ਬੱਚਿਆਂ ਵਾਂਗ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ। ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਦਾ ਸਮਾਂ ਲੰਘ ਗਿਆ ਹੈ। ਮੇਰੇ ਤੇ ਵਿਸ਼ਵਾਸ ਰੱਖੋ। ਪੰਜਾਬ ‘ਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਸੂਬਾ ਸਰਕਾਰ ਨੇ 132 ਲੱਖ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਮੰਡੀਆਂ ਵਿੱਚ ਕਾਫੀ ਬਾਰਦਾਨਾ ਪਹੁੰਚ ਚੁੱਕਾ ਹੈ। ਕਣਕ ਦੀ ਖਰੀਦ ਲਈ ਸੂਬੇ ਵਿੱਚ 2300 ਤੋਂ ਵੱਧ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ 24,773.11 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (CCL) ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮੇਂ ਸਿਰ ਰਾਸ਼ੀ ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਮੰਡੀਆਂ ਵਿੱਚੋਂ ਕਣਕ ਦਾ ਇੱਕ-ਇੱਕ ਦਾਣਾ ਖਰੀਦੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਸੇ ਦਿਨ ਅਦਾਇਗੀ ਕਰ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: