ਅੰਮ੍ਰਿਤਸਰ ਦੇ ਮਹਿਤਾ ਵਿਖੇ ਬੀਤੇ ਦਿਨੀਂ ਇਕ ਟੂਰਨਾਮੈਂਟ ਦੌਰਾਨ ਗੋਲੀ ਲੱਗਣ ਨਾਲ ਮਾਰੇ ਗਏ 14 ਸਾਲਾ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਮਿਲਣ ਗਏ। ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਸਰਕਾਰੀ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਗੁਰਸੇਵਕ ਦੀ ਮੌਤ ਬਹੁਤ ਦੁਖਦ ਅਤੇ ਮੰਦਭਾਗੀ ਹੈ। ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ ਹੈ। ਅਸੀਂ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਪੂਰੀ ਇਮਾਨਦਾਰੀ ਨਾਲ ਜਾਂਚ ਕਰੇਗੀ।

ਦੱਸ ਦੇਈਏ ਕਿ ਬੀਤੇ ਦਿਨ ਬਾਬਾ ਬਕਾਲਾ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਪੰਜ ਰੋਜ਼ਾ ਫੁੱਟਬਾਲ ਟੂਰਨਾਂਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਵਿਚ ਗੁਰਸੇਵਕ ਸਿੰਘ ਦੀ ਮੌਤ ਹੋ ਗਈ। ਗੁਰਸੇਵਕ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਨੰਗਲੀ ਦਾ ਰਹਿਣ ਵਾਲਾ ਸੀ ਅਤੇ ਸਰਕਾਰੀ ਮਿਡਲ ਸਕੂਲ ਨੰਗਲੀ ਕਲਾ ਦਾ ਸੱਤਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਇੱਕ ਪ੍ਰਤਿਭਾਸ਼ਾਲੀ ਫੁੱਟਬਾਲ ਖਿਡਾਰੀ ਸੀ ਅਤੇ ਆਪਣੀਆਂ ਤਿੰਨ ਭੈਣਾਂ ਦਾ ਛੋਟਾ ਭਰਾ ਸੀ। ਉਸ ਦਾ ਪਿਤਾ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ।
ਇਹ ਵੀ ਪੜ੍ਹੋ : ਪਤੀ ਦੀ ਮੌ/ਤ ਤੋਂ ਬਾਅਦ ਨੂੰਹ ਨੂੰ ਸਹੁਰੇ ਪਰਿਵਾਰ ਨੇ ਬੁਰੀ ਤਰ੍ਹਾਂ ਕੁੱ.ਟਿ/ਆ, CCTV ਫੁਟੇਜ ਆਈ ਸਾਹਮਣੇ
ਇਸ ਦੌਰਾਨ ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਏਡੀਸੀ ਪਰਮਜੀਤ ਕੌਰ, ਡੀਐਸਪੀ ਜੰਡਿਆਲਾ ਗੁਰੂ, ਡੀਆਰਓ ਨਵਕੀਰਤ ਸਿੰਘ, ਬੀਡੀਪੀਓ ਅਤੇ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਤੋਂ ਇਲਾਵਾ ਇਲਾਕੇ ਦੇ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਈਟੀਓ ਨੇ ਮੁਲਜ਼ਮਾਂ ਨੂੰ ਜਲਦੀ ਫੜਨ ਦੇ ਹੁਕਮ ਦਿੱਤੇ। ਪਿੰਡ ਵਾਸੀਆਂ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਮੰਗ ਕੀਤੀ ਗਈ ਕਿ ਗੁਰਸੇਵਕ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























