Mr. Badal assured : ਪੰਜਾਬ ਸਰਕਾਰ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਹਮੇਸ਼ਾ ਪ੍ਰਤੀਬੱਧ ਰਹਿਣ ਦਾ ਭਰੋਸਾ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਖ਼ਿਲਾਫ਼ ਉਹ ਆਖ਼ਰੀ ਦਮ ਤੱਕ ਲੜਨਗੇ। ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਦਮਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਪੰਜਾਬ ਸਰਕਾਰ ਵੱਲੋਂ ਭਾਜਪਾ ਦੀ ਅਗਵਾਲੀ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ। ਉਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਅੰਨਦਾਤਾ ਦੀ ਭਲਾਈ ਯਕੀਨੀ ਬਣਾਉਣ ਤੋਂ ਇਲਾਵਾ ਐਮ.ਐਸ.ਪੀ. ਸੂਬੇ ਦੇ ਵਿਕਾਸ ਦਾ ਅਹਿਮ ਜ਼ਰੀਆ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਹ ਖੇਤੀਬਾੜੀ ਬਿੱਲ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੇ ਰੂਪ ਵਿੱਚ ਮਿਲੇ ਸੁਰੱਖਿਆ ਕਵਰ ਤੋਂ ਵਾਂਝਾ ਕਰ ਦੇਣਗੇ। ਉਨਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਮੋਦੀ ਸਰਕਾਰ ਵੱਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ 50 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਪਿਛਲੇ ਇਕ ਦਹਾਕੇ ਦਾ ਸਭ ਤੋਂ ਘੱਟ (ਮਹਿਜ਼ 2.6 ਫੀਸਦੀ) ਹੈ। ਉਨਾਂ ਕਿਹਾ ਕਿ ਖੇਤੀਬਾੜੀ ਲਾਗਤ ਅਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੇ ਖੁਰਾਕੀ ਵਸਤਾਂ ਦੀ 8.4 ਫੀਸਦੀ ਮਹਿੰਗਾਈ ਦੇ ਮੱਦੇਨਜ਼ਰ ਘੱਟੋ ਘੱਟ ਸਮਰਥਨ ਮੁੱਲ ਵਿੱਚ 6 ਫੀਸਦੀ ਵਾਧੇ ਦੀ ਸਿਫਾਰਸ਼ ਕੀਤੀ ਸੀ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੂਬੇ ਦੇ ਪਾਣੀਆਂ ਦੀ ਰਾਖੀ ਕੀਤੀ ਅਤੇ ਹੁਣ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਲੋੜ ਪੈਣ ’ਤੇ ਹਰ ਸੰਭਵ ਕਦਮ ਚੁੱਕਣਗੇ। ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਕਿਸਾਨੀ ਵਿਰੋਧੀ ਖੇਤੀਬਾੜੀ ਬਿੱਲਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।