Navjot Sidhu again : ਲਗਭਗ ਡੇਢ ਸਾਲ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਹਿੱਸਾ ਬਣੇ ਪਰ ਅੱਜ ਇੱਕ ਵਾਰ ਫਿਰ ਸਿੱਧੂ ਨੇ ਆਪਣੀ ਹੀ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਧਾਵਾ ਬੋਲਿਆ। ਨਵਜੋਤ ਸਿੱਧੂ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਹੁਣ ਪੰਜਾਬ ਦਾ ਕਿਸਾਨ ਬਹੁਤ ਵੱਡੀ ਮੁਸ਼ਕਲ ‘ਚ ਖੜ੍ਹਾ ਹੈ ਤੇ ਅਜਿਹੇ ‘ਚ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣੇ ਅਤੇ ਕਿਸਾਨ ਨੂੰ MSP ਦੀ ਸਹੂਲਤ ਦਿੱਤੀ ਜਾਵੇ।
ਸਿੱਧੂ ਨੇ ਸਿੱਧੇ ਤੌਰ ‘ਤੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਤੇ ਕਿਹਾ ਕਿ ਇਹ ਸਿਰਫ ਕਿਸਾਨਾਂ ਨੂੰ ਗੁਲਾਮ ਬਣਾਉਣ ਲਈ ਪਾਸ ਕੀਤੇ ਗਏ ਹਨ। ਨਾਲ ਹੀ ਉਨ੍ਹਾਂ ਮੁੱਖ ਮੰਤਰੀ ਦੇ ਉਸ ਬਿਆਨ ਦਾ ਵੀ ਤਿੱਖਾ ਵਿਰੋਧ ਕੀਤਾ ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਕਿਸਾਨ ਦਾ ਸੰਘਰਸ਼ ਪੰਜਾਬ ਦਾ ਮਾਹੌਲ ਖਰਾਬ ਕਰ ਸਕਦਾ ਹੈ। ਇਸ ਦੇ ਜਵਾਬ ‘ਚ ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜੇਕਰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਦਿੱਤਾ ਜਾਵੇ ਤਾਂ ਉਹ ਆਪੇ ਹੀ ਸੰਘਰਸ਼ ਤੋਂ ਪਿੱਛੇ ਹਟ ਜਾਣਗੇ। MSP ਦੇਣ ਬਾਰੇ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਕੋਲ ਪੈਸੇ ਨਹੀਂ ਹਨ ਤਾਂ ਉਹ ਪੰਜਾਬ ‘ਚ ਚੱਲ ਰਹੇ ਮਾਫੀਆਂ ਨੂੰ ਖਤਮ ਕਰਨ ਤਾਂ ਜੋ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ। ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਦਾਲਾਂ, ਸਬਜ਼ੀਆਂ ‘ਤੇ MSP ਦਿੱਤੀ ਜਾਵੇ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਕਿਸਾਨਾਂ ਦੇ ਭਖਦੇ ਮੁੱਦੇ ‘ਤੇ ਸਾਰਾ ਪੰਜਾਬ ਆਪਣਾ ਯੋਗਦਾਨ ਪਾਏਗਾ।
ਨਵਜੋਤ ਸਿੰਘ ਸਿੱਧੂ ਸੈਸ਼ਨ ਦੀ ਕਾਰਵਾਈ ਦੌਰਾਨ ਮੰਤਰੀਆਂ ਦੀ ਕਤਾਰ ‘ਚ ਨਹੀਂ ਬੈਠ ਸਕੇ ਸਗੋਂ ਉਨ੍ਹਾਂ ਨੂੰ ਪਿਛਲੀ ਲਾਈਨ ‘ਚ ਬੈਠਣਾ ਪਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ 10 ਜੂਨ ਨੂੰ ਪੰਜਾਬ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਇਸ ਅਸਤੀਫੇ ਤੋਂ ਬਾਅਦ ਸਿੱਧੂ ਨੇ ਪੰਜਾਬ ਕਾਂਗਰਸ ਦੀ ਕਿਸੇ ਵੀ ਮੀਟਿੰਗ ‘ਚ ਹਿੱਸਾ ਨਹੀਂ ਲਿਆ ਪਰ ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਉਹ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ ਰਾਹੁਲ ਗਾਂਧੀ ਦੀ ਮੋਗਾ ਰੈਲੀ ਦਾ ਵੀ ਹਿੱਸਾ ਬਣੇ ਸਨ।