ਪੰਜਾਬ ਚੋਣਾਂ ਵਿਚ ਥੋੜ੍ਹੇ ਹੀ ਦਿਨ ਬਾਕੀ ਹਨ। ਇਸ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਰਅਸਲ, ਕੁਝ ਸਾਲ ਪਹਿਲਾਂ ਉਨ੍ਹਾਂ ਵਿਰੁੱਧ ਬੰਦ ਹੋਇਆ ਰੋਡ ਰੇਜ ਦਾ ਮਾਮਲਾ ਇੱਕ ਵਾਰ ਸੁਪਰੀਮ ਕੋਰਟ ਵਿੱਚ ਖੁੱਲ੍ਹ ਗਿਆ ਹੈ। ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਖਿਲਾਫ ਸੁਪਰੀਮ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਪਾਈ ਗਈ ਹੈ, ਜਿਸ ‘ਤੇ ਵੀਰਵਾਰ ਯਾਨੀ ਕਿ ਅੱਜ ਦੁਪਹਿਰ 3.30 ਤੋਂ ਬਾਅਦ ਸੁਣਵਾਈ ਹੋਵੇਗੀ। 1988 ਦੇ ਇਸ ਮਾਮਲੇ ਵਿਚ ਸਿੱਧੂ ਨੂੰ 2018 ਵਿੱਚ 1000 ਰੁਪਏ ਦੇ ਜੁਰਮਾਨੇ ‘ਤੇ ਛੱਡ ਦਿੱਤਾ ਗਿਆ ਸੀ। ਪੀੜਤ ਪਰਿਵਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਜਸਟਿਸ ਖਾਨਵਿਲਕਰ ਦੀ ਅਗਵਾਈ ਵਾਲੀ ਬੈਂਚ ਸੁਣਵਾਈ ਕਰੇਗੀ। ਪਟੀਸ਼ਨ ਵਿਚ 15 ਮਈ, 2018 ਦੇ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਗਈ ਹੈ।
ਗੌਰਤਲਬ ਹੈ ਕਿ 27 ਦਸੰਬਰ 1988 ਨੂੰ ਸਿੱਧੂ ਅਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸੰਧੂ ਦੀ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ 65 ਸਾਲਾਂ ਗੁਰਨਾਮ ਸਿੰਘ ਨਾਲ ਬਹਿਸ ਹੋ ਗਈ ਸੀ। ਦੋਵਾਂ ਨੇ ਕਥਿਤ ਤੌਰ ‘ਤੇ ਗੁਰਨਾਮ ਨੂੰ ਆਪਣੀ ਕਾਰ ਤੋਂ ਬਾਹਰ ਖਿੱਚ ਲਿਆ ਅਤੇ ਉਸ ਨਾਲ ਧੱਕਾ-ਮੁੱਕੀ ਕੀਤੀ ਸੀ । ਜਿਸ ਵਿੱਚ ਗੁਰਨਾਮ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਿੱਧੂ ਤੇ ਉਸਦੇ ਦੋਸਤ ਖਿਲਾਫ਼ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ
ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਸਿੱਧੂ ਨੂੰ ਗੈਰ-ਇਰਾਦਤਨ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ ਪਰ ਸੁਪਰੀਮ ਕੋਰਟ ਨੇ ਜੁਰਮਾਨੇ ਦੇ ਨਾਲ ਇਹ ਕਹਿੰਦੇ ਹੋਏ ਛੱਡ ਦਿੱਤਾ ਸੀ ਕਿ ਇਹ ਘਟਨਾ 30 ਸਾਲ ਤੋਂ ਵੱਧ ਪੁਰਾਣੀ ਹੈ ਅਤੇ ਦੋਸ਼ੀਆਂ ਵਿਚਕਾਰ ਕੋਈ ਪੁਰਾਣੀ ਦੁਸ਼ਮਣੀ ਨਹੀਂ ਸੀ ਅਤੇ ਪੀੜਤ ਤੇ ਦੋਸ਼ੀ ਵੱਲੋਂ ਕੋਈ ਹਥਿਆਰ ਨਹੀਂ ਵਰਤਿਆ ਗਿਆ ਸੀ । ਸੁਪਰੀਮ ਕੋਰਟ ਨੇ ਸਜ਼ਾ ‘ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 16 ਮਈ 2018 ਨੂੰ ਸਿੱਧੂ ਨੂੰ ਗੈਰ-ਇਰਾਦਤਨ ਕਤਲ ਦੇ ਦੋਸ਼ ਵਿਚ ਲੱਗੀ ਧਾਰਾ 304IPC ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ ਧਾਰਾ (ਜਾਨਬੁਝ ਕੇ ਸੱਟ ਪਹੁੰਚਾਉਣ ਦਾ) ਦੇ ਮਾਮਲੇ ‘ਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਗਿਆ ਸੀ । ਜਿਸ ਲਈ ਉਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਨਹੀਂ ਹੋਈ ਪਰ 1 ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤਾ ਗਿਆ ਸੀ ।
ਵੀਡੀਓ ਲਈ ਕਲਿੱਕ ਕਰੋ -: