CBSE ਦੇ ਨਵੇਂ ਪੈਟਰਨ ਵਿਚ ਪੰਜਾਬੀ ਭਾਸ਼ਾ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇਲ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।
ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸਾਰੇ ਸਕੂਲਾਂ ਵਿਚ ਪਹਿਲੀ ਤੋਂ ਦਸਵੀਂ ਕਲਾਲਸ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ। ਕੋਈ ਬੋਰਡ ਜਾਂ ਸੰਸਥਾ ਕਿਸੇ ਵਿਦਿਆਰਥੀ ਨੂੰ ਉਦੋਂ ਤੱਕ ਮੈਟ੍ਰਿਕ ਦਾ ਸਰਟੀਫਿਕੇਟ ਨਹੀਂ ਦੇਵੇਗੀ ਜਦੋਂ ਤੱਕ ਉਸ ਨੇ ਦਸਵੀਂ ਕਲਾਸ ਦੀ ਪ੍ਰੀਖਿਆ ਵਿਚ ਪੰਜਾਬੀ ਵਿਸ਼ਾ ਪਾਸ ਨਾ ਕੀਤਾ ਹੋਵੇ।
ਨੋਟੀਫਿਕੇਸ਼ਨ ਵਿੱਚ ਮੁੱਖ ਤੌਰ ‘ਤੇ ਤਿੰਨ ਨੁਕਤੇ ਹਨ-
1. 10ਵੀਂ ਜਮਾਤ ਵਿੱਚ ਪੰਜਾਬੀ ਪੜ੍ਹੇ ਬਿਨਾਂ ਕਿਸੇ ਵੀ ਵਿਦਿਆਰਥੀ ਨੂੰ ਪਾਸ ਨਹੀਂ ਐਲਾਨਿਆ ਜਾਵੇਗਾ।
2. ਪੰਜਾਬ ਰਾਜ ਵਿੱਚ ਕਿਸੇ ਵੀ ਬੋਰਡ ਨਾਲ ਸਬੰਧਤ ਸਕੂਲ ਵਿੱਚ ਪੰਜਾਬੀ ਨੂੰ ਮੁੱਖ ਭਾਸ਼ਾ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ।
3. ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ, 2008 ਅਤੇ ਸਮੇਂ-ਸਮੇਂ ‘ਤੇ ਕੀਤੀਆਂ ਗਈਆਂ ਸੋਧਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਇਹ ਹੁਕਮ ਉਸ ਵੇਲੇ ਆਏ ਹਨ ਜਦੋਂ CBSE ਨੇ ਦਸਵੀਂ ਕਲਾਸ ਲਈ ਨਵਾਂ ਪੈਟਰਨ ਲਾਗੂ ਕੀਤਾ ਹੈ। ਇਸ ਵਿਚ ਦੋਸ਼ ਲਾਇਆ ਗਿਆ ਹੈ ਕਿ ਕੇਂਦਰ ਸਰਕਾਰ ਨੇ ਪੰਜਾਬੀ ਨੂੰ ਹਟਾ ਦਿੱਤਾ ਹੈ।
ਸਿੱਖਿਆ ਮੰਤਰੀ ਨੇ ਇਸ ਨੂੰ ਲੈ ਕੇ ਮੰਗ ਕੀਤੀ ਕਿ ਇਸ ਫੈਸਲੇ ਨੂੰ ਵਾਪਸ ਲਿਆ ਜਾਵੇ ਤੇ ਪੰਜਾਬੀ ਨੂੰ ਪ੍ਰੀਮੀਅਮ ਭਾਸ਼ਾ ਵਿਚ ਸ਼ਾਮਲ ਕੀਤਾ ਜਾਵੇ। ਪੰਜਾਬ ਵਿਚ 10ਵੀਂ ਕਲਾਸ ਵਿਚ ਮੇਨ ਭਾਸ਼ਾ ਪੰਜਾਬੀ ਹੋਣੀ ਚਾਹੀਦੀ ਹੈ। ਪੰਜਾਬੀ ਦੀ ਪ੍ਰੀਖਿਆ ਦੋ ਵਾਰ ਹੋਣੀ ਚਾਹੀਦੀ ਹੈ।
ਹਰਜੋਤ ਬੈਂਸ ਨੇ ਕਿਹਾ ਕਿ ਨਿਯਮ ਮੁਤਾਬਕ ਪ੍ਰੀਖਿਆ ਵਿਚ ਇੱਕ ਰੀਜਨਲ ਤੇ ਇੱਕ ਵਿਦੇਸ਼ੀ ਭਾਸ਼ਾ ਹੋਣੀ ਚਾਹੀਦੀ ਹੈ। ਮਾਤ ਭਾਸ਼ਾ ਵਿਚ ਬੱਚਾ ਚੀਜ਼ਾਂ ਨੂੰ ਚੰਗੀ ਤਰ੍ਹਾਂ ਸਮਝ ਸਕਦਾ ਹੈ, ਚਾਈਲਡ ਸਾਈਕੋਲਾਜੀ ਇਹੀ ਕਹਿੰਦੀ ਹੈ।
ਇਹ ਵੀ ਪੜ੍ਹੋ : ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ ਨੌਕਰੀਓਂ ਬਰਖਾਸਤ, ਭ੍ਰਿਸ਼ਟਾਚਾਰ ਖਿਲਾਫ਼ ਮਾਨ ਸਰਕਾਰ ਦਾ ਐਕਸ਼ਨ
ਦੂਜੇ ਪਾਸੇ ਸੁਖਬੀਰ ਬਾਦਲ ਨੇ ਵੀ CBSE ਵੱਲੋਂ ਖੇਤਰੀ ਭਾਸ਼ਾਵਾਂ ‘ਚੋਂ ਪੰਜਾਬੀ ਨੂੰ ਹਟਾਉਣ ਦੇ ਫੈਸਲੇ ਦੀ ਕੀਤੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਜੋ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਬੋਲੀ ਅਤੇ ਪੜ੍ਹੀ ਜਾਂਦੀ ਹੈ। ਸਾਡੀ ਮਾਂ ਬੋਲੀ ‘ਤੇ ਇਸ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਅਸੀਂ ਇਸਦੀ ਤੁਰੰਤ ਬਹਾਲੀ ਦੀ ਮੰਗ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
