ਪੰਜਾਬ ਵਿੱਚ ਅੱਜ 11 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਵਾਰ ਝੋਨੇ ਦੀ ਲੁਆਈ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਹੋਵੇਗੀ ਅਤੇ ਅੱਜ ਤੋਂ ਮਾਲਵਾ ਖ਼ਿੱਤੇ ਦੇ ਛੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 11 ਜੂਨ ਤੋਂ ਝੋਨੇ ਦੀ ਲਵਾਈ ਦੀ ਮਨਜ਼ੂਰੀ ਦਿੱਤੀ ਸੀ।
ਦੱਸ ਦਈਏ ਕਿ ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਅੰਦਰ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ’ਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਮਾਲਵਾ ਦੇ ਜ਼ਿਲ੍ਹਾ ਮੁਕਤਸਰ ਸਾਹਿਬ, ਫ਼ਰੀਦਕੋਟ, ਮਾਨਸਾ, ਬਠਿੰਡਾ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਤੋਂ ਇਲਾਵਾ ਕੌਮਾਂਤਰੀ ਸਰਹੱਦਾਂ ਦੀ ਕੰਡਿਆਲੀ ਤਾਰ ਤੋਂ ਪਾਰ ਲਈ ਝੋਨੇ ਦੀ ਲੁਆਈ ਅੱਜ ਸ਼ੁਰੂ ਹੋਵੇਗੀ।
ਪਾਵਰਕੌਮ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਨੂੰ ਖੇਤੀ ਸੈਕਟਰ ਵਾਸਤੇ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਜਦੋਂ ਕਿ ਪਹਿਲਾਂ ਹੀ ਸਮੁੱਚੇ ਪੰਜਾਬ ਨੂੰ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਸੀ। ਕਿਸਾਨਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਬਣਾਂਵਾਲਾ ਸਥਿਤ ਤਾਪਘਰ ਅਤੇ ਸਰਕਾਰੀ ਖੇਤਰ ਹੇਠਲੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਚਲਾਉਣ ਲਈ ਬਕਾਇਦਾ ਆਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : CBSE ਨੇ ਵਿਦਿਆਰਥੀਆਂ ਨੂੰ ਕੀਤਾ ਅਲਰਟ- ‘ਭਰਮਾਊ ਜਾਣਕਾਰੀ ਫੈਲਾਉਣ ਵਾਲੇ ਪੋਰਟਲ ਤੋਂ ਬਚੋ’
ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਨੂੰ ਨਹਿਰੀ ਪਾਣੀ ਛੱਡਿਆ ਜਾਵੇਗਾ। ਅੱਜ ਤੋਂ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਵਿੱਚ ਨਹਿਰੀ ਪਾਣੀ ਮਿਲੇਗਾ। ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਨਹਿਰਾਂ ਦੀ ਸਫ਼ਾਈ ਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: