ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। CM ਭਗਵੰਤ ਮਾਨ ਵੱਲੋਂ ਲੋਕਾਂ ਦੀ ਭਲਾਈ ਲਈ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਲੰਧਰ ਦੇ ਇੱਕ ਪਿੰਡ ਵਿੱਚ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਪੁੱਤਰਾਂ ਨੇ 20 ਏਕੜ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨ ਦਾ ਕਬਜ਼ਾ ਲੈਣ ਤੋਂ ਪਹਿਲਾਂ ਅਸੀਂ ਹੰਸ ਰਾਜ ਹੰਸ ਨਾਲ ਗੱਲ ਕਰਕੇ ਉਨ੍ਹਾਂ ਨੂੰ ਇਹ ਕਬਜ਼ਾ ਛੱਡਣ ਦੀ ਅਪੀਲ ਕਰਾਂਗੇ।
ਉਨ੍ਹਾਂ ਨੇ ਕਿਹਾ ਹੈ ਕਿ ਮੈਂ ਭਾਜਪਾ ਸਾਂਸਦ ਹੰਸ ਰਾਜ ਹੰਸ ਨੂੰ ਹੱਥ ਜੋੜ ਕੇ ਅਪੀਲ ਕਰਾਂਗਾ ਕਿ ਸਰਕਾਰ ਦੀ ਜ਼ਮੀਨ ਸਰਕਾਰ ਨੂੰ ਵਾਪਿਸ ਕਰੋ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਵੱਡੇ ਗਾਇਕ ਹਨ ਅਤੇ ਚੰਗੇ ਇਨਸਾਨ ਹਨ ਉਹ ਸਾਡੀ ਅਪੀਲ ਨੂੰ ਮੰਨ ਕੇ ਜਮੀਨ ਵਾਪਸ ਕਰਨਗੇ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੰਨੀਆਂ ਵੀ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਹੈ, ਉਨ੍ਹਾਂ ਨੂੰ ਛੁਡਵਾਇਆ ਜਾਵੇਗਾ । ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਬਹੁਤ ਸਾਰੀਆਂ ਥਾਵਾਂ ‘ਤੇ ਪੰਚਾਇਤੀ ਤੇ ਪੰਜਾਬ ਸਰਕਾਰ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਨ੍ਹਾਂ ਨੂੰ ਹਰ ਹਾਲਤ ਵਿੱਚ ਛੁਡਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ 25 ਅਪ੍ਰੈਲ ਤੋਂ ਬਾਅਦ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਮੋਹਾਲੀ, ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਦੇ ਪਿੰਡਾਂ ਵਿੱਚ ਹੁਣ ਤੱਕ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਛੁਡਾਈ ਜਾ ਚੁੱਕੀ ਹੈ।
ਦੱਸ ਦੇਈਏ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਜ਼ਮੀਨ ਸੂਫੀ ਸੈਂਟਰ ਲਈ ਖਰੀਦੀ ਸੀ। ਉਨ੍ਹਾਂ ਕਿਹਾ ਕਿ ਅਸੀਂ ਇਹ ਜ਼ਮੀਨ ਖਰੀਦੀ ਹੈ, ਇਸ ‘ਤੇ ਕਬਜ਼ਾ ਨਹੀਂ ਕੀਤਾ । ਇਸ ਸਬੰਧੀ ਪੰਚਾਇਤ ਵਿੱਚ ਮਤਾ ਵੀ ਪਾਇਆ ਹੈ। ਉਕਤ ਜ਼ਮੀਨ ਲੋਕਾਂ ਦੇ ਭਲੇ ਲਈ ਹੈ।
ਵੀਡੀਓ ਲਈ ਕਲਿੱਕ ਕਰੋ -: