ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਹਫ਼ਤੇ ਵਿੱਚ ਦੂਜੀ ਵਾਰ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਸ਼ਨੀਵਾਰ ਦੇਰ ਰਾਤ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ। ਅਕਾਲੀ ਦਲ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ, ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ 6 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਕਾਰਨ ਪੀਜੀਆਈਐਮਈਆਰ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਕਰੋਨਾ ਇਨਫੈਕਸ਼ਨ ਵੀ ਹੋਇਆ ਸੀ, ਫਿਰ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਵੀ ਕਈ ਵਾਰ ਦਿਲ ਨਾਲ ਜੁੜੀਆਂ ਸਮੱਸਿਆਵਾਂ ਹੋ ਚੁੱਕੀਆਂ ਹਨ ਅਤੇ ਉਹ ਪੇਟ ਨਾਲ ਜੁੜੀਆਂ ਸਮੱਸਿਆਵਾਂ ਨਾਲ ਵੀ ਜੂਝ ਰਹੇ ਹਨ। ਜਿਸ ਕਾਰਨ ਉਨ੍ਹਾਂ ਦਾ ਪੀਜੀਆਈ ਚੰਡੀਗੜ੍ਹ ਤੋਂ ਇਲਾਜ ਚੱਲ ਰਿਹਾ ਹੈ।