Police and health : ਸਿਵਲ ਹਸਪਤਾਲ ਬਠਿੰਡਾ ਵੱਲੋਂ 7 ਸਾਲਾ ਬੱਚੀ ਨੂੰ ਵੱਲੋਂ ਗਲਤ ਖੂਨ ਚੜ੍ਹਾਉਣ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਪਰਿਵਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਸੀ ਜਿਸ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਜਾਂਚ ਕਮੇਟੀ ਬਣਾ ਕੇ ਜਾਂਚ ਕਰਵਾਈ ਗਈ। ਜਿਸ ਵਿੱਚ ਬਲਦੇਵ ਸਿੰਘ ਰੋਮਾਣਾ ਸਮੇਤ ਇੱਕ ਔਰਤ ਅਤੇ ਇੱਕ ਹੋਰ ਮੁਲਾਜ਼ਮ ਦੋਸ਼ੀ ਪਾਏ ਗਏ, ਜਿਨ੍ਹਾਂ ਨੂੰ ਸਸਪੈਂਡ ਵੀ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਉਕਤ ਮੁਲਾਜ਼ਮਾਂ ਖਿਲਾਫ਼ ਪਰਚਾ ਦਰਜ ਕਰਨ ਲਈ ਐਸਐਸਪੀ ਬਠਿੰਡਾ ਨੂੰ ਸਿਫਾਰਸ਼ ਵੀ ਕੀਤੀ ਗਈ।
ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਕਿਹਾ ਕਿ ਸਿਰਫ ਇੱਕ ਮੁਲਜ਼ਮ ਖਿਲਾਫ ਹੀ ਪਰਚਾ ਦਰਜ ਕਰਕੇ ਸਿਰਫ ਖਾਨਾਪੂਰਤੀ ਹੀ ਕੀਤੀ ਗਈ ਹੈ ਜਦੋਂ ਕਿ ਦੋ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਉਹ ਅਦਾਲਤ ਦਾ ਸਹਾਰਾ ਲੈਣਗੇ। ਸੰਸਥਾ ਦੇ ਵਕੀਲ ਐਚ ਸੀ ਅਰੋੜਾ ਰਾਹੀਂ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਜਾ ਰਿਹਾ ਹੈ ਤਾਂ ਜੋ ਦੋ ਇਨਸਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਸਿਹਤ ਵਿਭਾਗ ਅਤੇ ਬਲੱਡ ਬੈਂਕ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ ਬਣਦਾ ਪਰਚਾ ਦਰਜ ਕਰਕੇ ਸਜ਼ਾ ਦਿੱਤੀ ਜਾਵੇ ਕਿਉਂਕਿ ਇਨ੍ਹਾਂ ਮੁਲਾਜ਼ਮਾਂ ਦੀ ਲਾਪ੍ਰਵਾਹੀ ਕਾਰਨ ਦੋ ਜ਼ਿੰਦਗੀਆਂ ਬਰਬਾਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਤੇ ਸਿਹਤ ਵਿਭਾਗ ਵੱਲੋਂ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਅਜਿਹਾ ਨਹੀਂ ਹੋਣ ਦੇਣਗੇ।
ਸੋਨੂੰ ਮਹੇਸ਼ਵਰੀ ਦਾ ਕਹਿਣਾ ਹੈ ਕਿ ਮਾਮਲਾ ਕਾਫੀ ਗੰਭੀਰ ਹੈ ਤੇ ਉਹ ਇਸ ਖਿਲਾਫ ਅਦਾਲਤ ਜਾਣਗੇ ਤੇ ਬਣਦੀ ਕਾਰਵਾਈ ਦੀ ਮੰਗ ਕਰਨਗੇ। ਉਨ੍ਹਾਂ ਦੱਸਿਆ ਕਿ ਬਲੱਡ ਬੈਂਕ ਬਠਿੰਡਾ ਵੱਲੋਂ ਪਹਿਲਾਂ ਵੀ ਇੱਕ ਔਰਤ ਨੂੰ ਐੱਚ. ਆਈ. ਵੀ. ਪਾਜੀਟਿਵ ਖੂਨ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਹੁਣ ਫਿਰ ਤੋਂ 7 ਸਾਲਾ ਬੱਚੀ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਗਿਆ ਹੈ ਜੋ ਕਿ ਸਰਾਸਰ ਗਲਤ ਹੈ। ਇਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਪੂਰਾ ਬਲੱਡ ਬੈਂਕ ਡਿਪਾਰਟਮੈਂਟ ਸੁਚੇਤ ਹੋ ਸਕੇ ਤੇ ਅੱਗੇ ਤੋਂ ਅਜਿਹੀ ਕੋਈ ਲਾਪ੍ਰਵਾਹੀ ਨਾ ਹੋਵੇ।