ਪੰਜਾਬ ਵਿੱਚ ਬਿਜਲੀ ਸੰਕਟ ਬਰਕਰਾਰ ਹੈ। ਵਧਦੀ ਗਰਮੀ ਦਰਮਿਆਨ ਲੰਮੇ-ਲੰਮੇ ਬਿਜਲੀ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਸ਼ਹਿਰਾਂ ਵਿੱਚ 5-5 ਘੰਟਿਆਂ ਦੇ ਤੇ ਪਿੰਡਾਂ ਵਿਚ 12-12 ਘੰਟਿਆਂ ਦੇ ਕੱਟ ਲੱਗ ਰਹੇ ਹਨ ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਕਾਫੀ ਝੇਲਣੀ ਪੈ ਰਹੀ ਹੈ। ਇਸੇ ਵਿਚਾਲੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸਰਕਾਰ ਸੂਬੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਤੇ ਬਹੁਤ ਜਲਦੀ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ ।
ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ 40 ਫੀਸਦੀ ਬਿਜਲੀ ਦੀ ਮੰਗ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਈ ਬਿਜਲੀ ਤਾਪ ਘਰਾਂ ਵਿੱਚ ਤਕਨੀਕੀ ਕਾਰਨਾਂ ਕਰਕੇ ਕੁਝ ਯੂਨਿਟ ਬੰਦ ਹੋ ਗਏ ਸਨ, ਜਿਸ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਥਰਮਲ ਪਲਾਂਟਾਂ ਦੇ ਕੁਝ ਯੂਨਿਟਾਂ ਨੂੰ ਹੁਣ ਠੀਕ ਕਰ ਲਿਆ ਗਿਆ ਹੈ ਜਦਕਿ ਬਾਕੀ ਦੇ ਯੂਨਿਟ ਵੀ ਜਲਦੀ ਹੀ ਬਿਜਲੀ ਉਤਪਾਦਨ ਸ਼ੁਰੂ ਕਰ ਦੇਣਗੇ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਝਾਰਖੰਡ ਵਿੱਚ ਪਛਵਾੜਾ ਕੋਲਾ ਖਾਣ ਮਿਲ ਗਈ ਹੈ, ਜਿਸ ਨੂੰ ਜਲਦੀ ਹੀ ਚਾਲੂ ਕਰ ਕੇ ਪੰਜਾਬ ਨੂੰ ਕੋਲਾ ਸਪਲਾਈ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਿਜਲੀ ਕਿੱਲਤ ਦੂਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ । ਲੋਕਾਂ ਨੂੰ ਬਿਜਲੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਵਿਜੇ ਸਿੰਗਲਾ ਨੇ ਕਿਹਾ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਬਿਜਲੀ ਸਪਲਾਈ ਵਿੱਚ ਕੁਝ ਕਮੀਂ ਆਈ ਸੀ ਪਰ ਪੰਜਾਬ ਸਰਕਾਰ ਨੇ ਪੂਰੀ ਸੁਹਿਰਦਤਾ ਨਾਲ ਇਸ ਮਸਲੇ ਨੂੰ ਲਗਭਗ ਹੱਲ ਕਰ ਲਿਆ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਬਿਜਲੀ ਕੱਟਾਂ ਦੌਰਾਨ ਬੈਕਅਪ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਬਿਜਲੀ ਕੱਟਾਂ ਦਾ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ’ਤੇ ਕੋਈ ਅਸਰ ਨਹੀਂ ਪੈਣ ਦਿੱਤਾ ਜਾ ਰਿਹਾ।
ਵੀਡੀਓ ਲਈ ਕਲਿੱਕ ਕਰੋ -: