ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਮੌਕੇ ‘ਤੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਨੇ ਸਾਰੇ ਚਾਹਵਾਨ ਸ਼ਰਧਾਲੂਆਂ ਨੂੰ 25 ਦਸੰਬਰ, 2025 ਤੱਕ ਆਪਣੇ ਪਾਸਪੋਰਟ ਜਮ੍ਹਾ ਕਰਾਉਣ ਦੀ ਬੇਨਤੀ ਕੀਤੀ ਹੈ।
ਇਹ ਕਦਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਪਾਕਿਸਤਾਨ ਦੇ ਹੋਰ ਗੁਰਦੁਆਰਿਆਂ ਵਿੱਚ ਵਿਸ਼ੇਸ਼ ਪ੍ਰੋਗਰਾਮਾਂ ਅਤੇ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2026 ਵਿੱਚ ਖਾਲਸਾ ਸਾਜਨਾ ਦਿਵਸ ਦੇ ਮੌਕੇ ‘ਤੇ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਜਥੇ ਦਾ ਮੁੱਖ ਸਥਾਨ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹੋਵੇਗਾ, ਜਿੱਥੇ ਵਿਸ਼ੇਸ਼ ਪ੍ਰੋਗਰਾਮ ਹੋਣਗੇ। ਇਸ ਤੋਂ ਇਲਾਵਾ ਸ਼ਰਧਾਲੂ ਉੱਥੇ ਦੇ ਹੋਰ ਗੁਰਦੁਆਰਿਆਂ ਦੇ ਵੀ ਦਰਸ਼ਨ ਕਰਨਗੇ।
ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂ 25 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿੱਚ ਆਪਣੇ ਪਾਸਪੋਰਟ ਜਮ੍ਹਾ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਹਰੇਕ ਸ਼ਰਧਾਲੂ ਨੂੰ ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਤੋਂ ਸਿਫਾਰਸ਼ ਲੈਣੀ ਲਾਜਮੀ ਹੈ। ਪਛਾਣ ਦੇ ਸਬੂਤ ਵਜੋਂ ਆਪਣੇ ਆਧਾਰ ਕਾਰਡ ਜਾਂ ਵੋਟਰ ਆਈਡੀ ਕਾਰਡ ਦੀ ਫੋਟੋਕਾਪੀ ਵੀ ਜਮ੍ਹਾ ਕਰਵਾਉਣੀ ਪਵੇਗੀ।
ਇਹ ਵੀ ਪੜ੍ਹੋ : ‘ਬੰਦਿਆਂ ਵਾਂਗੂੰ ਕੰਮ ਕਰੋ…’, ਨਵੇਂ SDM ਨੇ ਦਫਤਰਾਂ ‘ਚ ਮਾਰਿਆ ਛਾਪਾ, ਕਰਮਚਾਰੀਆਂ ਨੂੰ ਪਾਈ ਝਾੜ
ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਤੈਅ ਸਮੇਂ ਤੱਕ ਆਪਣੇ ਪਾਸਪੋਰਟ ਅਤੇ ਦਸਤਾਵੇਜ ਜਮ੍ਹਾ ਕਰ ਦੇਣ, ਤਾਂਕਿ ਵੀਜਾ ਪ੍ਰਕਿਰਿਆ ਸਮੇਂ ‘ਤੇ ਪੂਰੀ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਵਿਵਸਥਾ ਤੋਂ ਸ਼ਰਧਾਲੂ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਖਾਲਸਾ ਸਾਜਣਾ ਦਿਵਸ ਦੇ ਮੌਕੇ ‘ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦਾ ਦਰਸ਼ਨ ਕਰ ਸਕਣਗੇ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਪ੍ਰਕਿਰਿਆ ਸਫਲਤਾਪੂਰਵਕ ਲਾਗੂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























