Presidential rule may : ਮੋਗਾ : ਖੇਤੀ ਕਾਨੂੰਨਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ ਤੇ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਇਸ ਸਪੈਸ਼ਲ ਸੈਸ਼ਨ ‘ਚ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਭਾਜਪਾ ਨੂੰ ਛੱਡ ਕੇ ਸੂਬੇ ਦੀਆਂ ਸਾਰੀਆਂ ਪਾਰਟੀਆਂ ਹੀ ਇੱਕ ਮਤ ਹਨ ਕਿ ਇਹ ਖੇਤੀ ਕਾਨੂੰਨ ਪੰਜਾਬ ‘ਚ ਕਿਸਾਨੀ ਦੇ ਭਵਿੱਖ ਨੂੰ ਖਤਮ ਕਰ ਦੇਣਗੇ। ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਨੇ ਅੱਜ ਇਨ੍ਹਾਂ ਖੇਤੀ ਕਾਨੂੰਨਾਂ ਸਬੰਧੀ ਵੱਡਾ ਬਿਆਨ ਦਿੱਤਾ ਹੈ ਕਿ ਕੇਂਦਰ ਸਰਕਾਰ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਵੀ ਲਾਗੂ ਕਰ ਸਕਦੀ ਹੈ।
ਹਰਜੋਤ ਕਮਲ ਨੇ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਵਤੀਰੇ ਤੋਂ ਦੇਖ ਕੇ ਇਹ ਹੀ ਲੱਗਦਾ ਹੈ ਕਿ ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤ ‘ਚ ਹਮੇਸ਼ਾ ਖੜ੍ਹੀ ਹੈ ਤੇ ਇਸ ਲਈ ਉਹ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਨ। ਹਰਜੋਤ ਕਮਲ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਸਬੰਧੀ ਮੁੱਖ ਸਕੱਤਰ ਨੂੰ ਲਿਖੀ ਚਿੱਠੀ ‘ਤੇ ਵੀ ਇਤਰਾਜ਼ ਪ੍ਰਗਟਾਇਆ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਦੇ ਸਾਰੇ ਮੈਂਬਰਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ ਤਾਂ ਇਸ ਮਾਮਲੇ ‘ਚ ਕੇਂਦਰ ਵੱਲੋਂ ਕਿਉਂ ਦਖਲ ਅੰਦਾਜ਼ੀ ਕੀਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਤੋਂ ਸਾਫ ਜ਼ਾਹਿਰ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮਾਮਲਿਆਂ ‘ਚ ਦਖਲ ਦੇਣਾ ਸ਼ੁਰੂ ਕਰ ਦਿੱਤਾ ਹੈ ਜੋ ਕਿ ਬਿਲਕੁਲ ਗਲਤ ਹੈ।