ਬੀਤੇ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਗਿਆ ਸੀ। ਇਸ ਲਾਠੀਚਾਰਜ ਦੌਰਾਨ ਕਈ ਕਿਸਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਸੀ, ਜਦਕਿ ਇੱਕ ਜਖਮੀ ਕਿਸਾਨ ਦੀ ਐਤਵਾਰ ਨੂੰ ਇਲਾਜ ਦੌਰਾਨ ਮੌਤ ਵੀ ਹੋ ਗਈ ।
ਦਰਅਸਲ, ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ ਵੀ ਹੁਣ ਭੱਖਦਾ ਜਾ ਰਿਹਾ ਹੈ। ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਹਰਿਆਣਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ ।
ਇਹ ਵੀ ਪੜ੍ਹੋ: ਹਰੀਸ਼ ਰਾਵਤ ਦਾ ਪ੍ਰਗਟ ਸਿੰਘ ਨੂੰ ਕਰਾਰਾ ਜਵਾਬ, ਕਿਹਾ-‘ਮੈਨੂੰ ਪਤਾ ਹੈ ਕਿ ਕਦੋਂ ਕੀ ਕਹਿਣਾ ਹੈ’
ਪਰ ਇਸੇ ਵਿਚਾਲੇ ਕਿਸਾਨ ਮਸਲੇ ਦੇ ਹੱਲ ਦੀ ਮੰਗ ਕਰਨ ਤੋਂ ਬਾਅਦ ਭਾਜਪਾ ਦੀ ਸੀਨੀਅਰ ਆਗੂ ਅਤੇ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ।
ਦੱਸ ਦੇਈਏ ਕਿ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਕਰਨਾਲ ਵਿੱਚ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕੀਤੀ ਹੈ। ਪ੍ਰੋ: ਚਾਵਲਾ ਨੇ ਕਿਸਾਨਾਂ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਪੰਜਾਬ ਹੋਵੇ ਜਾਂ ਹਰਿਆਣਾ ਅੱਜ-ਕੱਲ੍ਹ ਕਿਸਾਨਾਂ ਅਤੇ ਕਰਮਚਾਰੀਆਂ ‘ਤੇ ਕੇਵਲ ਡਾਂਗਾਂ ਹੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਜਿਵੇਂ ਸਰਕਾਰਾਂ ਲੋਕਾਂ ਨੂੰ ਡਾਂਗਾਂ ਨਾਲ ਮਾਰ ਕੇ ਸਰਕਾਰ ਚਲਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਰਨਾਲ ਵਿੱਚ ਜਿਸ ਤਰ੍ਹਾਂ ਕਿਸਾਨਾਂ ‘ਤੇ ਬੇਰਹਿਮੀ ਨਾਲ ਡਾਂਗਾਂ ਚਲਾਈਆਂ ਗਈਆਂ ਉਹ ਬਹੁਤ ਹੀ ਨਿੰਦਣਯੋਗ ਹੈ।