ਕਿਸਾਨਾਂ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਅੰਦੋਲਨ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਸਾਹਮਣੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ । ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਵਰਕਰਾਂ ਨੇ ਚੱਕਾ ਜਾਮ ਕਰ ਦਿੱਤਾ ਹੈ । ਰਾਜ ਵਿਆਪੀ ਰੋਸ ਵਜੋਂ ਠੇਕੇ ‘ਤੇ ਰੱਖੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਬੁੱਧਵਾਰ ਦੁਪਹਿਰ ਨੂੰ ਸ਼ਹੀਦ ਸੁਖਦੇਵ ਥਾਪਰ ਅੰਤਰ-ਰਾਜੀ ਬੱਸ ਟਰਮੀਨਲ ‘ਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ, ਜਿਸ ਨਾਲ ਕਰੀਬ 100 ਬੱਸਾਂ ਠੱਪ ਹੋ ਗਈਆਂ । ਉਹ ਟਰਾਂਸਪੋਰਟ ਵਿਭਾਗ ਵੱਲੋਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਅਪ੍ਰੈਲ ਮਹੀਨੇ ਦੀਆਂ ਤਨਖਾਹਾਂ ਜਾਰੀ ਨਾ ਕਰਨ ਅਤੇ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਿਰ ਕਰ ਰਹੇ ਹਨ।
ਇਸ ਸਬੰਧੀ ਠੇਕਾ ਮੁਲਾਜ਼ਮਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ। ਇਸ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਕੰਟਰੈਕਟ ਡਰਾਈਵਰਾਂ ਤੇ ਆਪਰੇਟਰਾਂ ਵੱਲੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਜਾ ਸਕਦਾ ਹੈ । ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ।
ਇਸ ਸਬੰਧੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਵਿਭਾਗ ਦੀ ਵਿੱਤੀ ਹਾਲਤ ਖ਼ਰਾਬ ਹੋ ਰਹੀ ਹੈ, ਜਿਸ ਕਾਰਨ ਕਰੀਬ 4 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਅਪ੍ਰੈਲ ਮਹੀਨੇ ਦੀਆਂ ਤਨਖਾਹਾਂ ਨਹੀਂ ਮਿਲੀਆਂ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਯੂਨੀਅਨ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਜ਼ਮੀਨੀ ਪੱਧਰ ‘ਤੇ ਕੁਝ ਨਹੀਂ ਕੀਤਾ ਗਿਆ ।
ਵੀਡੀਓ ਲਈ ਕਲਿੱਕ ਕਰੋ -: