ਪੰਜਾਬ ਵਿਧਾਨਸਭਾ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਖਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਮਤੇ ਦੇ ਵਿਰੋਧ ਵਿੱਚ ਭਾਜਪਾ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ ਹੈ। ਜਦਕਿ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇਸ ਮਤੇ ਦਾ ਸਮਰਥਨ ਕੀਤਾ ਗਿਆ ਹੈ। ਭਾਜਪਾ ਵੱਲੋਂ ਵਾਕਆਊਟ ਕਰਨ ‘ਤੇ CM ਮਾਨ ਨੇ ਵਰ੍ਹਦਿਆਂ ਕਿਹਾ ਕਿ ਭਾਜਪਾ ਵੱਲੋਂ ਉਨ੍ਹਾਂ ਦੀ ਆਦਤ ਮੁਤਾਬਕ ਇਸ ਮਤੇ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਪਾਣੀ ਪੰਜਾਬ ਦਾ ਪੀਂਦੇ ਹਨ ਤੇ ਅੰਨ ਵੀ ਪੰਜਾਬ ਦਾ ਹੀ ਖਾਂਦੇ ਹਨ, ਪਰ ਲੋੜ ਪੈਣ ‘ਤੇ ਕਦੇ ਵੀ ਪੰਜਾਬ ਦਾ ਸਾਥ ਨਹੀਂ ਦਿੰਦੇ।
ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਵਰ੍ਹਦਿਆਂ CM ਮਾਨ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਬਿਆਨਾਂ ਤੋਂ ਭਾਜਪਾ ਦੀ ਮਾਨਸਿਕਤਾ ਸਮਝ ਵਿੱਚ ਆਉਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਦੇ ਕਹਿ ਦਿੰਦੇ ਹਨ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਬਣੇ ਤੇ ਕਦੇ ਇਸ ਦਾ ਹੀ ਵਿਰੋਧ ਕਰਦੇ ਹਨ। ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਅਸੀਂ ਅੱਜ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰ ਦਿੱਤਾ ਹੈ। ਅਸੀਂ ਹੁਣ ਪੰਜਾਬ ਦੇ ਮੁੱਦਿਆਂ ਲਈ ਹੋਰ ਤਕੜੇ ਹੋ ਕੇ ਕੇਂਦਰ ਕੋਲ ਜਾਵਾਂਗੇ ਤੇ ਸਭ ਨਾਲ ਮੁਲਾਕਾਤ ਕਰ ਕੇ ਇਨ੍ਹਾਂ ਮੁੱਦਿਆਂ ਨੂੰ ਉਨ੍ਹਾਂ ਅੱਗੇ ਰੱਖਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਦੀ ਖਾਤਰ ਜਿੱਥੇ ਵੀ ਜਾਣਾ ਪਿਆ ਅਸੀਂ ਜਾਵਾਂਗੇ, ਪਰ ਪੰਜਾਬ ਦੇ ਹੱਕਾਂ ‘ਤੇ ਡਾਕਾ ਨਹੀਂ ਵੱਜਣ ਦਿਆਂਗੇ। ਕੇਂਦਰ ਸਰਕਾਰ ਪੰਜਾਬ ਤੋਂ ਸਭ ਕੁਝ ਖੋਹਣ ਨੂੰ ਫਿਰਦੀ ਹੈ।
ਦੱਸ ਦੇਈਏ ਕਿ ਇਸ ਮਤੇ ‘ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕੇਂਦਰੀ ਐਕਟ ਲਾਗੂ ਕਰਨ ਬਾਰੇ ਪੰਜਾਬ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਨਿਯਮ ਦਾ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਇਸਨੂੰ ਬੇਵਜ੍ਹਾ ਮੁੱਦਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ UT ਮੁਲਾਜ਼ਮਾਂ ਦੀਆਂ ਲੰਮੇ ਸਮੇਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ‘ਆਪ’ ਨੂੰ ਸਿਆਸਤ ਕਰਨ ਦੀ ਬਜਾਏ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰੇ।
ਵੀਡੀਓ ਲਈ ਕਲਿੱਕ ਕਰੋ -: