Punjab CM Captain Amarinder Singh: ਖੇਤੀ ਨਾਲ ਸਬੰਧਿਤ ਕਾਨੂੰਨਾਂ ਦੇ ਵਿਰੋਧ ਵਿੱਚ ਅੰਨਾਦਾਤਾ ਸੜਕਾਂ ‘ਤੇ ਹਨ । ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰਾਜਨੀਤੀ ਵੀ ਸਰਗਰਮ ਹੈ। ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 14 ਦਸੰਬਰ ਨੂੰ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਦੇਸ਼ ਦੇ ਨਾਗਰਿਕਾਂ ਨੂੰ ਵੀ ਭੁੱਖ ਹੜਤਾਲ ਕਰਨ ਦੀ ਅਪੀਲ ਕੀਤੀ ਹੈ । ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਕੇਜਰੀਵਾਲ ‘ਤੇ ਹਮਲਾ ਬੋਲਿਆ ਹੈ ।
ਦਰਅਸਲ, ਕੈਪਟਨ ਨੇ ਕੇਜਰੀਵਾਲ ਦੀ ਭੁੱਖ ਹੜਤਾਲ ਨੂੰ ਡਰਾਮਾ ਦੱਸਿਆ ਹੈ । ਉਨ੍ਹਾਂ ਨੇ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਪਣੀ ਸਰਕਾਰ ਦਾ ਕੋਈ ਇੱਕ ਕੰਮ ਦੱਸੇ ਜੋ ਕਿਸਾਨਾਂ ਦੇ ਹਿੱਤ ਵਿੱਚ ਉਨ੍ਹਾਂ ਦੀ ਸਰਕਾਰ ਨੇ ਕੀਤਾ ਹੈ । ਕੈਪਟਨ ਨੇ ਦੋਸ਼ ਲਾਇਆ ਕਿ ਪਿਛਲੇ 17 ਦਿਨਾਂ ਤੋਂ ਦਿੱਲੀ ਸ਼ਹਿਰ ਦੇ ਬਾਹਰ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮਦਦ ਲਈ ਕੁਝ ਵੀ ਉਸਾਰੂ ਕੰਮ ਕਰਨ ਦੀ ਬਜਾਏ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਰਾਜਨੀਤੀ ਕਰਨ ਵਿੱਚ ਲੱਗੀ ਹੋਈ ਹੈ।
ਪੰਜਾਬ ਦੇ ਮੁੱਖ ਮੰਤਰੀ ਇਸ ‘ਤੇ ਹੀ ਨਹੀਂ ਰੁਕੇ । ਉਨ੍ਹਾਂ ਨੇ ਕੇਜਰੀਵਾਲ ਨੂੰ ਪੁੱਛੇ ਸਵਾਲ ‘ਤੇ ਹਮਲਾ ਕਰਦਿਆਂ ਕਿਹਾ ਕਿ ਕਿਸਾਨ ਤੁਹਾਡੇ ਸ਼ਹਿਰ ਤੋਂ ਬਾਹਰ ਦੀਆਂ ਸੜਕਾਂ ‘ਤੇ ਠੰਡ ਦਾ ਸਾਹਮਣਾ ਕਰਦਿਆਂ ਆਪਣੇ ਹੱਕ ਲਈ ਲੜ ਰਹੇ ਹਨ ਅਤੇ ਤੁਸੀਂ ਸੋਚ ਰਹੇ ਹੋ ਕਿ ਇਸ ਮੌਕੇ ਦਾ ਫਾਇਦਾ ਕਿਵੇਂ ਚੁੱਕਿਆ ਜਾਵੇ । ਕਿਉਂਕਿ ਤੁਹਾਨੂੰ ਕੋਈ ਸ਼ਰਮ ਨਹੀਂ ਹੈ? ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੀ ਪਾਰਟੀ ਦੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੇ ਹਨ।
ਕੈਪਟਨ ਨੇ ਕਿਹਾ ਕਿ ਕੇਜਰੀਵਾਲ ਨੇ ਵਾਰ-ਵਾਰ ਇਹ ਸਾਬਿਤ ਕੀਤਾ ਹੈ ਕਿ ਉਹ ਕਿਸਾਨਾਂ ਦੇ ਹਮਦਰਦ ਨਹੀਂ ਹਨ । ਉਨ੍ਹਾਂ ਨੇ ਕਿਹਾ ਕਿ ਜਦੋਂ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰਦਿਆਂ ਦਿੱਲੀ ਕੂਚ ਕਰਨ ਦੀ ਤਿਆਰੀ ਕਰ ਰਹੇ ਸਨ, ਉਦੋਂ 23 ਨਵੰਬਰ ਨੂੰ ਕੇਜਰੀਵਾਲ ਸਰਕਾਰ ਬੇਸ਼ਰਮੀ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸੂਚਿਤ ਕਰ ਰਹੀ ਸੀ। ਕੈਪਟਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਟੁਕੜਿਆਂ ਤੇ ਪ੍ਰਫੁੱਲਤ ਹੋ ਰਹੀ ਕੇਜਰੀਵਾਲ ਸਰਕਾਰ ਦੇ ਉਲਟ ਪੰਜਾਬ ਸਰਕਾਰ ਨੇ ਨਾ ਤਾਂ ਅਡਾਨੀ ਪਾਵਰ ਨਾਲ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ ਕਿਸੇ ਨਾਲ ਰਾਜ ਵਿੱਚ ਬਿਜਲੀ ਖਰੀਦਣ ਲਈ ਕੋਈ ਬੋਲੀ ਲਗਾਈ ਹੈ।
ਇਹ ਵੀ ਦੇਖੋ: ਭੁੱਖ ਹੜਤਾਲ ਤੇ ਬੈਠੀਆਂ ਕਿਸਾਨ ਜਥੇਬੰਦੀਆਂ, ਦੇਖੋ LIVE ਤਸਵੀਰਾਂ