ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਵੀਰਵਾਰ ਨੂੰ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ । ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਦੌਰਾਨ ਉਹ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਖ਼ਾਸਕਰ ਅਜਨਾਲਾ ਵਿੱਚ ਬੀਤੇ ਦਿਨੀਂ ਵਾਪਰੇ ਘਟਨਾਕ੍ਰਮ ’ਤੇ ਚਰਚਾ ਕਰ ਸਕਦੇ ਹਨ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਅਤੇ ਗ੍ਰਹਿ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਦਾ ਸਮਾਂ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਬੀਤੇ ਦਿਨੀਂ ਪੁਲਿਸ ਵੱਲੋਂ ਫੜੇ ਇੱਕ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਛੁਡਾਉਣ ਲਈ ਥਾਣੇ ਵੱਲ ਕੂਚ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ ਸੀ, ਜਿਸ ਵਿੱਚ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ ਸਨ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ਼ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। CM ਮਾਨ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪੰਜਾਬ ਦੇ ‘ਵਾਰਿਸ’ ਨਾ ਹੋਣ ਦਾ ਤੰਜ਼ ਕਸਿਆ ਸੀ।
ਵੀਡੀਓ ਲਈ ਕਲਿੱਕ ਕਰੋ -: