Punjab CM urges PM Modi: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਰਚੁਅਲ ਮੀਟਿੰਗ ਕੀਤੀ । ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਆਯੋਜਨ ਲਈ ਹੋਈ ਇਸ ਉੱਚ ਪੱਧਰੀ ਕਮੇਟੀ ਦੀ ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਰਾਜ ਸਭਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਹਿੱਸਾ ਲਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਵੱਖ-ਵੱਖ ਪ੍ਰਸਤਾਵਿਤ ਪ੍ਰਾਜੈਕਟਾਂ ਲਈ ਪ੍ਰਧਾਨ ਮੰਤਰੀ ਤੋਂ 937 ਕਰੋੜ ਰੁਪਏ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ । ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਬਣਾਉਣ ਦੀ ਮੰਗ ਵੀ ਕੀਤੀ ਹੈ ।
ਇਸ ਦੌਰਾਨ ਕੈਪਟਨ ਨੇ ਕਿਹਾ ਕਿ ਅਸੀਂ ਇਸ ਮਹੱਤਵਪੂਰਨ ਮੌਕੇ ਦੇ ਵਿਸ਼ਾਲ ਸਮਾਗਮ ਲਈ ਵਚਨਬੱਧ ਹਾਂ । ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਦਾ ਸਿਲਸਿਲਾ 15 ਅਪ੍ਰੈਲ ਤੋਂ ਬਾਅਦ ਸ਼ੁਰੂ ਹੋਵੇਗਾ। ਉੱਥੇ ਹੀ ਮੁੱਖ ਸਮਾਗਮ 1 ਮਈ ਨੂੰ ਹੋਵੇਗਾ। ਕੇਂਦਰ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸ਼ਾਨਦਾਰ ਸਮਾਗਮ ਲਈ 70 ਮੈਂਬਰੀ ਉੱਚ-ਸ਼ਕਤੀ ਕਮੇਟੀ ਦਾ ਗਠਨ ਵੀ ਕੀਤਾ ਹੈ।
ਹਾਲਾਂਕਿ ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਿਲ ਹੋਣ ਬਾਰੇ ਹਾਲੇ ਕੁਝ ਪੱਕਾ ਨਹੀਂ ਹੈ । ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਿਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮੇਤ ਹੋਰ ਸ਼ਤਾਬਦੀ ਸਮਾਗਮਾਂ ਵਿੱਚ ਪ੍ਰਧਾਨਮੰਤਰੀ ਨੂੰ ਸੱਦਾ ਨਾ ਦੇਣ ਦਾ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨਾਲ ਮਿਲ ਕੇ ਸ਼ਤਾਬਦੀ ਸਮਾਗਮਾਂ ਦਾ ਆਯੋਜਨ ਕਰੇਗੀ।