Punjab Congress MP Protest: ਕਿਸਾਨਾਂ ਦਾ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਹੈ ਅਤੇ ਇਹ ਲਗਾਤਾਰ ਫੈਲਦਾ ਜਾ ਰਿਹਾ ਹੈ । ਕਿਸਾਨਾਂ ਨੇ ਹੁਣ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ, ਜਿਸ ਲਈ 8 ਨਵੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਵਿਚਾਲੇ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਸੋਮਵਾਰ ਨੂੰ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ । ਇਸ ਪ੍ਰਦਰਸ਼ਨ ਦੌਰਾਨ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਮਹਾਰਾਣੀ ਪਰਨੀਤ ਕੌਰ ਅਤੇ ਬਾਕੀ ਮੌਜੂਦ ਸਨ ।
ਇਸ ਧਰਨਾ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰਾਂ ਵੱਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਬੁਲਾਉਣ ਦੀ ਮੰਗ ਕੀਤੀ ਗਈ ਹੈ । ਇਸ ਮੌਕੇ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1952 ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਕਿ ਸਰਦ ਰੁੱਤ ਦਾ ਸੈਸ਼ਨ ਉਸ ਸਮੇਂ ਨਹੀਂ ਹੋਵੇਗਾ, ਜਦੋਂ ਕਿਸਾਨ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਕੇਂਦਰ ਵੱਲੋਂ ਸੈਸ਼ਨ ਨੂੰ ਬੁਲਾ ਕੇ ਕਿਸਾਨ ਵਿਰੋਧੀ ਕਾਨੂੰਨਾਂ ‘ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ ।
ਇਸ ਤੋਂ ਇਲਾਵਾ ਧਰਨੇ ਪ੍ਰਦਰਸ਼ਨ ਦੌਰਾਨ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਰਕਜਰ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਤਿੰਨਾਂ ਕਾਨੂੰਨ ਨੂੰ ਰੱਦ ਕਰੇ। ਉਨ੍ਹਾਂ ਕਿਹਾ ਕਿ MSP ‘ਤੇ ਗਾਰੰਟੀ ਨਾਲ ਹੁਣ ਗੱਲ ਨਹੀਂ ਬਣੇਗੀ। ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਪੰਜਾਬ ਤੋਂ ਸ਼ੁਰੂ ਹੋਇਆ ਅੰਦੋਲਨ ਹੁਣ ਪੂਰੇ ਦੇਸ਼ ਵਿੱਚ ਫੈਲ ਗਿਆ ਹੈ।
ਦੱਸ ਦੇਈਏ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਵਿੱਚ ਡਟੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਉਹ ਵਾਪਸ ਨਹੀਂ ਜਾਣਗੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਇਹ ਵੀ ਦੇਖੋ: ਕਿਸਾਨਾਂ ਦੇ ਧਰਨੇ ਤੇ ਗ਼ਰਜ਼ ਰਿਹਾ ਗੁਰਪ੍ਰੀਤ ਸਿੰਘ ਲਾਂਡਰਾ ਵਾਲਿਆਂ ਦਾ ਢਾਡੀ ਜੱਥਾ