ਪੰਜਾਬ ਦੇ ਸਾਰੇ ਡੀਸੀ ਦਫਤਰਾਂ ਦੇ ਬਾਹਰ ਪਿਛਲੇ 19 ਦਿਨਾਂ ਤੋਂ ਧਰਨਾ ਲਗਾ ਕੇ ਬੈਠੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਹੈ । ਕਿਸਾਨ ਆਪਣੀ ਤੈਅ ਰਣਨੀਤੀ ਅਨੁਸਾਰ ਅੱਜ ਸੂਬੇ ਦੇ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ’ਤੇ ਜਾ ਕੇ ਰੋਸ ਪ੍ਰਦਰਸ਼ਨ ਕਰਨਗੇ । ਕਿਸਾਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣਗੇ।
ਕਿਸਾਨ ਆਪਣੇ ਧਰਨਾ ਪ੍ਰਦਰਸ਼ਨ ਦੌਰਾਨ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਕਿਸੇ ਵੀ ਗੱਡੀ ਦੀ ਫੀਸ ਨਹੀਂ ਕੱਟਣ ਦੇਣਗੇ । ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਜ ਤਾਂ ਸਿਰਫ਼ ਦੋ ਘੰਟਿਆਂ ਲਈ ਹੀ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ । ਦੋ ਘੰਟਿਆਂ ਲਈ ਟੋਲ ਪਲਾਜ਼ਾ ਬੰਦ ਰੱਖਣ ਦਾ ਪ੍ਰੋਗਰਾਮ ਇੱਕ ਮਹੀਨੇ ਤੱਕ ਚੱਲੇਗਾ। ਪਰ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਚਰਚਾ ਤੋਂ ਬਾਅਦ ਪਿਛਲੇ ਅੰਦੋਲਨ ਦੀ ਤਰਜ਼ ’ਤੇ ਟੋਲ ਪਲਾਜ਼ਾ ’ਤੇ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ 15 ਜਨਵਰੀ ਤੱਕ ਜਾਰੀ ਰਹੇਗਾ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ । ਸਤੰਬਰ ਮਹੀਨੇ ਵਿੱਚ ਖੇਤੀਬਾੜੀ ਮੰਤਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ 634 ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਿਆ ਹੈ। ਜਦਕਿ ਬਾਕੀਆਂ ਨੂੰ ਮੁਆਵਜ਼ਾ ਦੇਣ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਅਜੇ ਵਿਚਾਰ ਅਧੀਨ ਹੈ । ਸਰਕਾਰ ਨੇ ਆਪਣਾ ਇਰਾਦਾ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ। ਦੋ ਸਾਲ ਬਾਅਦ ਵੀ ਸਰਕਾਰ ਵਿਚਾਰ ਕਰ ਰਹੀ ਹੈ।
ਪੰਧੇਰ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਫ਼ਸਲਾਂ ਦੇ ਨੁਕਸਾਨ ਹੋਣ ‘ਤੇ ਕਿਸਾਨਾਂ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ, ਪਰ ਹੁਣ ਸਰਕਾਰ ਇਸ ਤੋਂ ਵੀ ਪਿੱਛੇ ਹਟ ਰਹੀ ਹੈ । ਸਰਕਾਰ ਨੇ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ 5400 ਰੁਪਏ ਪ੍ਰਤੀ ਏਕੜ ਤੋਂ 12 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਦੇ ਮਾਪਦੰਡ ਬਣਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅੰਦੋਲਨ ਖਤਮ ਕਰਵਾਉਣ ਲਈ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ ਅਤੇ ਲਿਖਤੀ ਤੌਰ ‘ਤੇ ਜੋ ਸਮਝੌਤਾ ਕੀਤਾ ਸੀ ਉਸ ‘ਤੇ ਖਰੀ ਨਹੀਂ ਉਤਰੀ । ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾ ਤਾਂ ਕਿਸਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਲਏ ਹਨ ਅਤੇ ਨਾ ਹੀ ਹੋਰ ਮੰਗਾਂ ਨੂੰ ਪੂਰਾ ਕੀਤਾ ਹੈ। ਜਿਸ ਕਾਰਨ ਕਿਸਾਨਾਂ ਨੇ ਹੁਣ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਕੀਤਾ ਹੈ ।
ਵੀਡੀਓ ਲਈ ਕਲਿੱਕ ਕਰੋ -: