CM ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ । ਭਾਰਤੀ ਪੁਲਾੜ ਅਤੇ ਖੋਜ ਸੰਸਥਾ (ISRO) ਸ਼੍ਰੀਹਰਿਕੋਟਾ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਨੂੰ ਦੇਖਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਟੂਰ ਕਰਵਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਭਾਰਤੀ ਪੁਲਾੜ ਵਿਗਿਆਨ ਪ੍ਰੋਗਰਾਮ ਦੇ ਦੌਰੇ ਤੋਂ ਪਰਤੇ ਵਿਦਿਆਰਥੀਆਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਕੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ । ਉਨ੍ਹਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ ਵਿੱਚੋਂ ਚੁਣੇ ਗਏ 15 ਮੁੰਡੇ ਅਤੇ 15 ਕੁੜੀਆਂ ਦਾ ਬੈਚ ਇਸ ਯਾਤਰਾ ਲਈ ਭੇਜਿਆ ਗਿਆ ਸੀ । ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਫ਼ਰ, ਖਾਣ-ਪੀਣ ਅਤੇ ਰਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ।
ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ‘ਚ ਅੱਜ ਤੇ ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਗਏ ਅਧਿਆਪਕ ਉਸੇ ਹੋਟਲ ਵਿੱਚ ਠਹਿਰੇ ਸਨ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਠਹਿਰੇ ਸਨ। ਉਨ੍ਹਾਂ ਕਿਹਾ ਕਿ ਇਸਰੋ ਆਉਣ ਵਾਲੇ ਦਿਨਾਂ ਵਿੱਚ ਲਗਭਗ 13 ਵੱਖ-ਵੱਖ ਪ੍ਰੋਜੈਕਟਾਂ ‘ਤੇ ਹੋਰ ਪੁਲਾੜ ਅਤੇ ਮਿਜ਼ਾਈਲ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਜਿਸ ਵਿੱਚ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਵੇਂ ਕਿ ਕਿਸੇ ਵੀ ਖੇਤਰ ਵਿੱਚ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਹ ਟੂਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਤੋਂ ਅੱਗੇ CM ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਪ੍ਰੋਜੈਕਟ ਦੀ ਸਥਾਪਨਾ ਲਈ ਸੂਬਾ ਸਰਕਾਰ ਇਸਰੋ ਨੂੰ ਪੂਰਾ ਸਹਿਯੋਗ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -: