ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ। ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪ੍ਰਸ਼ਾਸਕੀ ਸੁਧਾਰ ਤੇ ਪਬਲਿਕ ਸ਼ਿਕਾਇਤਾਂ ਵਿਭਾਗ ਵੱਲੋਂ ਸੰਦੀਪ ਸਿੰਘ ਧਾਲੀਵਾਲ ਪੁੱਤਰ ਕਰਮ ਸਿੰਘ ਧਾਲੀਵਾਲ ਵਾਸੀ ਡੋਗਰ ਬਸਤੀ ਫਰੀਦਕੋਟ, ਵਰਿੰਦਰਜੀਤ ਸਿੰਘ ਵਲਿੰਗ ਵਾਸੀ ਮਕਾਨ ਨੰਬਰ 22, ਯਾਦਵਿੰਦਰਾ ਕਾਲੋਨੀ ਪਟਿਆਲਾ ਅਤੇ ਐਡਵੋਕੇਟ ਡਾ. ਭੁਪਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ 1009 ਸੈਕਟਰ 43 ਬੀ ਚੰਡੀਗੜ੍ਹ ਨੂੰ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ।
ਇਹ ਵੀ ਪੜ੍ਹੋ : CM ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ ਪ੍ਰੋਗਰਾਮ
ਦੱਸ ਦੇਈਏ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਭਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਸੋਮਵਾਰ ਨੂੰ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੀ ਅੰਡਰ ਸੈਕਟਰੀ ਦਵਿੰਦਰ ਕੌਰ ਨੇ ਸਟੇਟਸ ਰਿਪੋਰਟ ਦਾਇਰ ਕਰ ਕੇ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਅਦਾਲਤ ਨੇ ਪਟੀਸ਼ਨਰ ਨਿਖਿਲ ਥੰਮਨ ਨੂੰ ਇਹ ਖੁੱਲ੍ਹ ਦਿੱਤੀ ਕਿ ਜੇ ਸਮੇਂ ਸਿਰ ਪ੍ਰਕਿਰਿਆ ਪੂਰੀ ਨਹੀਂ ਹੁੰਦੀ ਹੈ ਤਾਂ ਪਟੀਸ਼ਨਕਰਤਾ ਇਸ ਮਾਮਲੇ ਨੂੰ ਲੈ ਕੇ ਮੁੜ ਅਦਾਲਤ ਤੱਕ ਪਹੁੰਚ ਕਰ ਸਕਦਾ ਹੈ। ਅਦਾਲਤ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਨੂੰ 30 ਅਗਸਤ ਤੋਂ ਪਹਿਲਾਂ ਭਰਨ ਲਈ ਵੀ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: