ਪੰਜਾਬ ਕੈਬਿਨੇਟ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪੁਲਿਸ ਤੇ ਫੌਜੀ ਜਵਾਨਾਂ ਲਈ ਦੋ ਅਹਿਮ ਫੈਸਲੇ ਲਏ ਗਏ ਹਨ। ਇਸ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਦਿੱਤੇ ਜਾਣਗੇ । ਇਸ ਤੋਂ ਇਲਾਵਾ ਪੰਜਾਬ ਦੇ ਬਹਾਦਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮੀ ਰਾਸ਼ੀ ਤੇ ਨਗਦੀ ਰਾਸ਼ੀ ਵਿੱਚ 40 ਫੀਸਦੀ ਵਾਧਾ ਕੀਤਾ ਗਿਆ ਹੈ।
ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਡੇ ਵੀਰ ਸਪੂਤ ਦੇਸ਼ ਤੇ ਪੰਜਾਬ ਦੀ ਰੱਖਿਆ ਕਰਨ ਲਈ, ਸ਼ਾਂਤੀ ਬਣਾਏ ਰੱਖਣ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਦਿੰਦੇ ਹਨ। ਉਨ੍ਹਾਂ ਬਹਾਦਰ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣਾ ਸਮਾਜ ਦੀ ਜ਼ਿੰਮੇਵਾਰੀ ਹੁੰਦੀ ਹੈ । ਇਸੇ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ 2 ਅਹਿਮ ਫੈਸਲੇ ਲਏ ਗਏ ਹਨ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 50 ਲੱਖ ਤੋਂ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰੱਖਿਆ ਸੇਵਾਵਾਂ ਦੇ ਜਵਾਨਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਮਿਸਾਲੀ ਸੇਵਾਵਾਂ ਬਦਲੇ ਪੁਰਸਕਾਰ ਜਿੱਤਣ ਵਾਲਿਆਂ ਲਈ ਜ਼ਮੀਨ ਬਦਲੇ ਨਕਦ ਰਾਸ਼ੀ ਤੇ ਕੈਸ਼ ਐਵਾਰਡ ਵਿੱਚ ਵਾਧਾ ਕਰਨ ਦਾ ਫੈ਼ਸਲਾ ਕੀਤਾ ਹੈ ।
ਜ਼ਿਕਰਯੋਗ ਹੈ ਕਿ ਇਸ ਤਹਿਤ ਜ਼ਮੀਨ ਬਦਲੇ ਨਕਦ ਰਾਸ਼ੀ ਸਰਵੋਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਹੁਣ 2 ਲੱਖ ਦੀ ਥਾਂ 2.80 ਲੱਖ ਰੁਪਏ, ਉੱਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਇਕ ਲੱਖ ਦੀ ਥਾਂ 1.40 ਲੱਖ ਰੁਪਏ, ਯੁੱਧ ਸੇਵਾ ਮੈਡਲ ਜੇਤੂਆਂ ਲਈ 50 ਦੀ ਥਾਂ 70 ਹਜ਼ਾਰ, ਸੈਨਾ/ਜਲ ਸੈਨਾ/ਵਾਯੂ ਸੈਨਾ ਮੈਡਲ (ਡੀ) ਜੇਤੂਆਂ ਲਈ 30 ਦੀ ਥਾਂ 42, ਮੈਨਸ਼ਨ-ਇਨ-ਡਿਸਪੈਚਜ਼ (ਡੀ) ਜੇਤੂਆਂ ਲਈ 15 ਦੀ ਥਾਂ 21 ਹਜ਼ਾਰ ਕੀਤੀ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: