ਪੰਜਾਬ ਸਰਕਾਰ ਨੇ ਪ੍ਰਾਈਵੇਟ ਬੈਂਕਾਂ ਨੂੰ ਵੱਡਾ ਝਟਕਾ ਦਿੱਤਾ ਹੈ । ਪੰਜਾਬ ਵਿੱਚ ਸਰਕਾਰੀ ਅਤੇ ਅਰਧ-ਸਰਕਾਰੀ ਲੈਣ-ਦੇਣ ਹੁਣ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ । ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਖਰੜ-ਲਾਂਡਰਾ ਰੋਡ ਸਥਿਤ ਪੈਲੇਸ ਵਿੱਚ ਸਹਿਕਾਰਤਾ ਦਿਵਸ ਸਮਾਗਮ ਦੌਰਾਨ ਇਹ ਐਲਾਨ ਕੀਤਾ ।
ਦਰਅਸਲ, ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਜਲਦੀ ਹੀ ਕੈਬਨਿਟ ਵਿੱਚ ਪ੍ਰਸਤਾਵ ਲਿਆ ਕੇ ਇਸ ਨੂੰ ਮਨਜ਼ੂਰੀ ਦਿੱਤੀ ਜਾਵੇਗੀ । ਇਸ ਨੂੰ ਅਗਲੇ 15 ਦਿਨਾਂ ਵਿੱਚ ਲਾਗੂ ਕਰ ਦਿੱਤਾ ਜਾਵੇਗਾ । ਫਿਲਹਾਲ ਪੰਜਾਬ ਵਿੱਚ ਜ਼ਿਆਦਾਤਰ ਸਰਕਾਰੀ ਲੈਣ-ਦੇਣ ਪ੍ਰਾਈਵੇਟ ਬੈਂਕਾਂ ਰਾਹੀਂ ਹੁੰਦੇ ਹਨ।
ਸੀਐਮ ਚੰਨੀ ਨੇ ਕਿਹਾ ਕਿ ਇਹ ਕਦਮ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ । ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਹਿਕਾਰਤਾ ਵਿਭਾਗ ਨੂੰ ਦੇਖਦਿਆਂ ਇਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਹਿਕਾਰੀ ਬੈਂਕਾਂ ਦੀ ਪੁਨਰ ਵਿਕਾਸ ਲਈ ਮੀਲ ਦਾ ਪੱਥਰ ਸਾਬਿਤ ਹੋਵੇਗਾ।
ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਦਿਵਸ ਮੌਕੇ ‘ਮਿਸ਼ਨ ਕਲੀਨ’ ਦੀ ਸ਼ੁਰੂਆਤ ਕੀਤੀ ਗਈ । ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਵਿੱਚ ਸ਼ਾਮਿਲ ਅਤੇ ਲੋਕਾਂ ਦੇ ਕੰਮਾਂ ਵਿੱਚ ਰੁਕਾਵਟ ਪਾਉਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਦੇ ਖਾਤਮੇ ਦੀ ਸ਼ੁਰੂਆਤ ਹੋ ਚੁੱਕੀ ਹੈ। ਹਰ ਮਾਈਨਿੰਗ ਵਾਲੀ ਥਾਂ ’ਤੇ ਪੁਲਿਸ ਦਾ ਪਹਿਰਾ ਲਗਾ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸਰਕਾਰ ਵੱਲੋਂ ਸਹਿਕਾਰੀ ਬੈਂਕ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ। ਜਿਨ੍ਹਾਂ ਨੂੰ ਸਹਿਕਾਰੀ ਦਿਵਸ ਮੌਕੇ ਨਿਯੁਕਤੀ ਪੱਤਰ ਸੌਂਪਿਆ ਗਿਆ । ਇਹ ਭਰਤੀ ਸੀਨੀਅਰ ਮੈਨੇਜਰ, ਮੈਨੇਜਰ, ਆਈ.ਟੀ.ਓ., ਕਲਰਕ, ਤਕਨੀਕੀ ਸਹਾਇਕ ਅਤੇ ਡਾਟਾ ਐਂਟਰੀ ਆਪਰੇਟਰ ਦੇ ਅਹੁਦਿਆਂ ਲਈ ਕੀਤੀ ਗਈ ਹੈ। ਇਸ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੁਲਦੀਪ ਵੈਦ, ਸਾਬਕਾ ਮੰਤਰੀ ਬਲਬੀਰ ਸਿੱਧੂ, ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਵੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: