ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਔਰਤਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇੱਕ ਕਿਸ਼ਤ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘੱਟ ਰਹੇ ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿੱਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿੱਚ ਵੀ ਮਦਦ ਮਿਲੇਗੀ।
ਇਹ ਵੀ ਪੜ੍ਹੋ: ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਗੁਰਪ੍ਰੀਤ
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਫਾਰਮ ਭਰੇ ਜਾਂਦੇ ਹਨ। ਦੱਸ ਦੇਈਏ ਕਿ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜ਼ਮੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ‘ਤੇ ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ। ਮੰਤਰੀ ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -: