ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਸਨ। ਪਰ ਇਸੇ ਵਿਚਾਲੇ ਹੁਣ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਰਮ ਪੈ ਗਈ ਹੈ । ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰ ਕੇ ਪਰਾਲੀ ਸਾੜਨ ਤੋਂ ਰੋਕਿਆ ਜਾਵੇਗਾ । ਸਰਕਾਰ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕੋਈ ਸਖਤੀ ਨਹੀਂ ਵਰਤੀ ਜਾਵੇਗੀ ।
ਇਸ ਸਬੰਧੀ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਿਲਹਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਨਾ ਤਾਂ ਕੋਈ ਚਲਾਨ ਕੀਤਾ ਜਾਵੇਗਾ ਤੇ ਨਾ ਹੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੱਲਬਾਤ ਕਰ ਕੇ ਹੀ ਸਮਝਾਇਆ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਸੂਬੇ ਦੇ ਵਾਤਾਵਰਨ ਨੂੰ ਬਚਾਉਣਾ ਸਾਰਿਆਂ ਦਾ ਫ਼ਰਜ਼ ਹੈ।
ਇਹ ਵੀ ਪੜ੍ਹੋ: ਅੱਜ ਤੋਂ ਬਦਲੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, ਕੇਂਦਰੀ ਵਿੱਤ ਮੰਤਰੀ ਸੀਤਾਰਮਨ ਕਰਨਗੇ ਨਾਮਕਰਨ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਖਤੀ ਕਰਨ ਦੇ ਹੁਕਮ ਦਿੰਦਿਆਂ ਸੰਕੇਤ ਦਿੱਤੇ ਸੀ ਪਰ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਪਰਾਲੀ ਸਾੜਨ ਤੋਂ ਬਗੈਰ ਹੋਰ ਕੋਈ ਚਾਰਾ ਨਹੀਂ। ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਜੇਕਰ ਅਫਸਰਾਂ ਨੇ ਪਰਾਲੀ ਸਾੜਨ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਤਾਂ ਉਹ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦੇਣਗੇ।
ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵੀ ਸਰਕਾਰ ਦੀ ਰੈੱਡ ਐਂਟਰੀ ਵਾਲੀ ਮੁਹਿੰਮ ਦਾ ਵਿਰੋਧ ਕੀਤਾ ਜਾ ਚੁੱਕਿਆ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਪਰਾਲੀ ਪ੍ਰਬੰਧਨ ਲਈ ਉਨ੍ਹਾਂ ਦੀ ਵਿੱਤੀ ਮਦਦ ਕਰੇ । ਕਿਸਾਨਾਂ ਨੂੰ ਮਜਬੂਰੀ ਵਿੱਚ ਪਰਾਲੀ ਸਾੜਨੀ ਪੈਂਦੀ ਹੈ । ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਸੀ ਕਿ ਅਗਰ ਮਜਬੂਰੀ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਰਕਾਰ ਨੇ ਕੋਈ ਕਦਮ ਚੁੱਕਿਆ ਤਾਂ ਯੂਨੀਅਨ ਚੁੱਪ ਨਹੀਂ ਬੈਠੇਗੀ।
ਵੀਡੀਓ ਲਈ ਕਲਿੱਕ ਕਰੋ -: