Punjab Teacher cycles 225 Km: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 33ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੋਂ ਇਲਾਵਾ ਹੁਣ ਹੋਰ ਲੋਕਾਂ ਨੇ ਵੀ ਇਸ ਪ੍ਰਦਰਸ਼ਨ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਹੈ । ਦਰਅਸਲ, ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਮਨੋਜ ਕੁਮਾਰ ਕਿਸਾਨਾਂ ਦਾ ਸਮਰਥਨ ਕਰਨ ਲਈ 225 ਕਿਲੋਮੀਟਰ ਦੀ ਦੂਰੀ ‘ਤੇ ਸਾਈਕਲ ਚਲਾ ਕੇ ਸੋਮਵਾਰ ਨੂੰ ਟਿਕਰੀ ਬਾਰਡਰ ‘ਤੇ ਪਹੁੰਚੇ । ਉਨ੍ਹਾਂ ਨੇ ਉੱਥੇ ਪਹੁੰਚ ਕੇ ਲੋਕਾਂ ਨੂੰ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਅਧਿਆਪਕ ਮਨੋਜ ਕੁਮਾਰ ਨੇ ਕਿਹਾ, “ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ । ਉਹ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਵਿੱਚ ਅਤੇ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦਾ ਸਮਰਥਨ ਕਰਨ ਅਤੇ ਉਨ੍ਹਾਂ ਨਾਲ ਇੱਕਜੁੱਟਤਾ ਦਿਖਾਉਣ ਲਈ 225 ਕਿਲੋਮੀਟਰ ਸਾਈਕਲ ਚਲਾ ਕੇ ਪੰਜਾਬ ਦੇ ਸੰਗਰੂਰ ਤੋਂ ਇੱਥੇ ਪਹੁੰਚਿਆ ਹਾਂ । ਉਨ੍ਹਾਂ ਕਿਹਾ ਕਿ ਜੇਕਰ ਇਹ ਕਾਨੂੰਨ ਲਾਗੂ ਹੁੰਦਾ ਹੈ ਤਾਂ ਇਹ ਸਾਡੇ ਲਈ ਵਿਨਾਸ਼ਕਾਰੀ ਹੋਵੇਗਾ।”
ਉਨ੍ਹਾਂ ਨੇ ਲੋਕਾਂ ਨੂੰ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ, “ਮੈਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਸਾਨੂੰ ਇੱਕ ਹੋ ਕੇ ਕਿਸਾਨਾਂ ਦੀ ਜਿੱਤ ਲਈ ਇਸ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ। ਇਹ ਅੰਦੋਲਨ ਇੱਕ ਜਨ ਹਿੱਤ ਅੰਦੋਲਨ ਹੈ ਅਤੇ ਜੇਕਰ ਕਿਸਾਨ ਹਾਰ ਗਏ ਤਾਂ ਦੇਸ਼ ਹਾਰ ਜਾਵੇਗਾ।”