ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਜ਼ਬਰਦਸਤ ਉਤਸ਼ਾਹ ਹੈ। ਐਤਵਾਰ ਸਵੇਰ ਤੋਂ ਹੀ ਪੋਲਿੰਗ ਬੂਥਾਂ ‘ਤੇ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ ‘ਤੇ ਲੋਕਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਪੋਲਿੰਗ ਬੂਥਾਂ ‘ਤੇ ਨੌਜਵਾਨਾਂ ਵਿੱਚ ਵੱਖਰਾ ਹੀ ਜੋਸ਼ ਵਿਖਾਈ ਦੇ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਵਿਆਹ ਦੇ ਜੋੜੇ ਪਹਿਨੀਂ ਮੁੰਡੇ-ਕੁੜੀਆਂ ਵੋਟਰਾਂ ਦੀ ਲਾਈਨ ਵਿੱਚ ਲੱਗੇ ਨਜ਼ਰ ਆਏ। ਇਸੇ ਦੌਰਾਨ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਪਿੰਡ ਤੱਲਾ ਮੱਦਾ ਨਾਲ ਸਬੰਧਿਤ ਇੱਕ ਨੌਜਵਾਨ ਨੇ ਬਰਾਤ ਲੈ ਕੇ ਜਾਣ ਤੋਂ ਪਹਿਲਾਂ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ।
ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਆਪਣੇ ਵਿਆਹ ਵਾਲੇ ਦਿਨ ਬਰਾਤ ਲੈ ਜਾਣ ਤੋਂ ਪਹਿਲਾਂ ਅਮਰੀਕ ਸਿੰਘ ਨਾਮਕ ਨੌਜਵਾਨ ਨੇ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕੀਤੀ। ਵੋਟ ਪਾਉਣ ਤੋਂ ਬਾਅਦ ਹੀ ਨੌਜਵਾਨ ਬਰਾਤ ਸਮੇਤ ਰਵਾਨਾ ਹੋਇਆ । ਉਸ ਦੀ ਧਰਮ ਪਤਨੀ ਕੁਲਦੀਪ ਕੌਰ ਨੇ ਵੀ ਵੋਟ ਪਾਉਣ ਤੋਂ ਬਾਅਦ ਹੀ ਆਨੰਦ ਕਾਰਜ ਦੀ ਰਸਮ ਨਿਭਾਈ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੇ ਲਈ 1,304 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੈ । ਇਸ ਵਾਰ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੀ ਚੋਣ ਮੈਦਾਨ ਵਿੱਚ ਇੱਕ ਦੂਜੇ ਨੂੰ ਪੂਰੀ ਟੱਕਰ ਦੇ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: