ਪਹਾੜਾਂ ‘ਤੇ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਲਗਾਤਾਰ ਠੰਡ ਵਧਦੀ ਜਾ ਰਹੀ ਹੈ। ਸੋਮਵਾਰ ਸਵੇਰ ਤੋਂ ਹੀ ਸੰਘਣੀ ਧੁੰਦ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ। ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ । ਇਸ ਦੇ ਨਾਲ ਹੀ ਪੰਜਾਬ ਦੇ 13 ਸ਼ਹਿਰਾਂ ਅਤੇ ਕਸਬਿਆਂ ਦਾ ਤਾਪਮਾਨ ਸ਼ਿਮਲਾ ਦੇ ਘੱਟੋ-ਘੱਟ ਤਾਪਮਾਨ ਤੋਂ 6.5 ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ।
ਸਵੇਰੇ ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ । ਇਹ ਆਮ ਨਾਲੋਂ 2.3 ਡਿਗਰੀ ਘੱਟ ਹੈ। ਲੁਧਿਆਣਾ ਵਿੱਚ ਸਵੇਰ ਦਾ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.3 ਡਿਗਰੀ ਘੱਟ ਹੈ। ਇਸੇ ਤਰ੍ਹਾਂ ਮੋਗਾ ਵਿੱਚ ਵੀ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਮੌਸਮ ਵਿਭਾਗ ਨੇ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 23 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਸਣੇ 4 ਠਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ !
ਜੇਕਰ ਇੱਥੇ ਮਾਲਵੇ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਪਟਿਆਲਾ ਵਿੱਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਦੇ ਨਾਲ-ਨਾਲ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ । ਉੱਥੇ ਹੀ ਮਾਝੇ ਵਿੱਚ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ 20 ਦਸੰਬਰ ਨੂੰ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਅਗਲੇ ਪੰਜ ਦਿਨਾਂ ਤੱਕ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਦੋਆਬੇ ਦੇ ਨਵਾਂ ਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: