ਪਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਅਸਰ ਪੂਰੇ ਉੱਤਰ ਭਾਰਤ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਲਈ ਤਿਆਰ ਰਹਿਣਾ ਚਾਹੀਦਾ ਹੈ । ਇਸ ਸਬੰਧੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 15 ਦਸੰਬਰ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ ਤੇ 16 ਤੋਂ 18 ਦਸੰਬਰ ਤੱਕ ਸੀਤ ਲਹਿਰ ਚੱਲੇਗੀ । ਸੂਬੇ ਵਿੱਚ ਸੀਤ ਲਹਿਰ ਚੱਲਣ ਕਾਰਨ ਬਹੁਤੇ ਜ਼ਿਲ੍ਹਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਗਿਰਾਵਟ ਦਰਜ ਕੀਤੀ ਜਾਵੇਗੀ।
ਇਸ ਸਬੰਧੀ ਮੌਸਮ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਅਨੁਸਾਰ ਉੱਤਰ-ਪੱਛਮੀ ਹਵਾਵਾਂ ਚੱਲਣ ਕਾਰਨ ਸੀਤ ਲਹਿਰ ਨਾਲ ਪੰਜਾਬ ਵਿੱਚ ਹੱਡ ਚੀਰਵੀਂ ਠੰਡ ਪਵੇਗੀ । ਇਹ ਹਵਾਵਾਂ ਠੰਡੀਆਂ ਤੇ ਖ਼ੁਸ਼ਕ ਹੋਣਗੀਆਂ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ । ਹਾਲਾਂਕਿ ਦੋ ਦਿਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਸਭ ਤੋਂ ਠੰਡੇ ਰਹੇ ਜਿੱਥੇ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਰੋਪੜ ਦਾ ਪਾਰਾ 5.8 ਡਿਗਰੀ ਸੀ ਜਦਕਿ ਲੁਧਿਆਣਾ ਦਾ ਤਾਪਮਾਨ 11.6 ਡਿਗਰੀ, ਪਟਿਆਲੇ ਦਾ 10.4, ਜਲੰਧਰ ਦਾ 9.9 ਤੇ ਅੰਮ੍ਰਿਤਸਰ ਦਾ ਤਾਪਮਾਨ 8.8 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਮੈਲਬੋਰਨ : ਸੜਕ ਹਾਦਸੇ ‘ਚ ਮੋਗਾ ਦੇ ਸੁਖਦੀਪ ਸਿੰਘ ਦੀ ਮੌਤ, ਫਰਵਰੀ ‘ਚ ਆਉਣਾ ਸੀ ਭਾਰਤ
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਕਾਰਨ ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਦਾ ਅਸਰ ਪੂਰੇ ਉੱਤਰ ਭਾਰਤ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਦਿੱਲੀ-NCR, ਹਰਿਆਣਾ, ਪੰਜਾਬ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ ਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਘੱਟੋਂ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਤੱਕ ਦੀ ਕਮੀ ਹੋ ਸਕਦੀ ਹੈ। ਤਾਮਿਲਨਾਡੂ, ਲਕਸ਼ਦੀਪ, ਕਰਨਾਟਕ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਤੇ ਨਿਕੋਬਾਰ ਦੇ ਦੱਖਣੀ ਦੇਹਿੱਸੇਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕਿਤੇ ਭਾਰੀ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: