ਦੇਸ਼ ਦੇ ਕਈ ਰਾਜ ਇਸ ਸਮੇਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ । ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਇੱਕ ਵਾਰ ਲੂ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲੇਗਾ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਦਰਅਸਲ, ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਮੁਤਾਬਕ 28 ਅਪ੍ਰੈਲ ਮਤਲਬ ਕਿ ਅੱਜ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 30 ਅਪ੍ਰੈਲ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿ ਸਕਦਾ ਹੈ । ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ। ਸਰਹੱਦੀ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਸ਼ਹਿਰੀ ਇਲਾਕਿਆਂ ਵਿੱਚ ਆਮ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ ।
ਇਹ ਵੀ ਪੜ੍ਹੋ: ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ! ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਦੱਸ ਦੇਈਏ ਕਿ ਮੀਂਹ ਨਾਲ ਪੰਜਾਬ ਵਿੱਚ ਵਾਢੀ ਦਾ ਕੰਮ ਅਤੇ ਮੰਡੀਆਂ ਵਿੱਚ ਕਣਕ ਦੀ ਭਰਾਈ ਦਾ ਕੰਮ ਪ੍ਰਭਾਵਿਤ ਹੋਇਆ ਹੈ । ਪੰਜਾਬ ਵਿੱਚ ਬੀਤੀ ਰਾਤ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਹਲਕਾ ਮੀਂਹ ਪਿਆ ਹੈ । ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਫਿਰੋਜ਼ਪੁਰ, ਪਠਾਨਕੋਟ ਤੇ ਰੂਪਨਗਰ ਵਿੱਚ ਮੀਂਹ ਪਿਆ ਹੈ । ਮੌਸਮ ਵਿਭਾਗ ਨੇ ਮੀਂਹ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਵਾਢੀ ਤੋਂ ਬਾਅਦ ਸੁਰੱਖਿਅਤ ਥਾਵਾਂ ‘ਤੇ ਰੱਖਣ ਲਈ ਕਿਹਾ ਹੈ ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਹੋਵੇ ।
ਵੀਡੀਓ ਲਈ ਕਲਿੱਕ ਕਰੋ -: